ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ
ਬਰਨਾਲਾ, 25 ਮਾਰਚ 2022
ਜ਼ਿਲ੍ਹਾ ਬਰਨਾਲਾ ਵਿੱਚ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਦੇ ਸੰਭਾਵੀ ਹਮਲੇ ਤੋਂ ਬਚਾਉਣ ਲਈ ਵਿੱਢੀ ਗਈ ਮੁਹਿੰਮ ਦੇ ਅਸਰਦਾਰ ਨਤੀਜੇ ਲਿਆਉਣ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਕੀਤੀ ਗਈ।
ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਕਰੀਅਰ ਗਾਈਡੈਂਸ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੋਂ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਸੰਭਾਵੀ ਹਮਲੇ ਤੋਂ ਬਚਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ ਸੜਕਾਂ, ਟੋਭਿਆਂ ਤੇ ਹੋਰ ਥਾਂਵਾਂ ਤੇ ਉੱਗੇ ਨਦੀਨਾਂ ਨੂੰ ਨਸ਼ਟ ਕਰਨ ਲਈ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤੇ ਖੇਤਾਂ ਵਿੱਚ ਪਈਆਂ ਛਟੀਆਂ ਦੇ ਢੇਰਾਂ ਵਿੱਚ ਅਧਖਿੜੇ ਟੀਂਡੇ ਚੰਗੀ ਤਰ੍ਹਾਂ ਝਾੜ ਕੇ ਰਹਿੰਦ-ਖੂੰਹਦ ਨੂੰ ਅੱਗ ਲਗਵਾਈ ਜਾਵੇ ਤਾਂ ਜੋ ਗੁਲਾਬੀ ਸੁੰਡੀ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਪੰਚਾਇਤਾਂ ਨੂੰ ਜਾਗਰੂਕ ਕਰਕੇ ਕਿਸਾਨਾਂ ਨੂੰ ਪਿੰਡ ਪੱਧਰ ਤੇ ਇਕੱਠੇ ਕਰਕੇ ਛਟੀਆਂ ਦੇ ਢੇਰ ਦੇ ਪ੍ਰਬੰਧਨ ਲਈ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਨਰਮੇ ਦੀ ਭਰਪੂਰ ਫ਼ਸਲ ਲਈ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਰਮੇ ਦੇ ਬੀਜ ਦੀਆਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਡਾ. ਬਲਵੀਰ ਚੰਦ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਕਿਹਾ ਕਿ ਗੁਲਾਬੀ ਸੁੰਡੀ ਦਾ ਲਾਰਵਾ ਰੂੰ ਮਿਲਾਂ ਵਿੱਚ ਪਏ ਨਰਮੇ, ਤੇਲ ਮਿੱਲਾਂ ਵਿੱਚ ਪਏ ਵੜੇਵਿਆਂ, ਖੇਤਾਂ ਤੇ ਪਿੰਡਾਂ ਵਿੱਚ ਪਈਆਂ ਛਟੀਆਂ ਦੇ ਢੇਰਾਂ ਵਿੱਚ ਪਾਇਆ ਜਾ ਰਿਹਾ ਹੈ, ਇਸ ਨੂੰ ਖਤਮ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨਰਮੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ ਬਾਰੇ ਦੱਸਦਿਆ ਕਿਹਾ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆ, ਸ਼ਾਮਲਾਟ, ਸੜਕਾਂ ਦੇ ਕਿਨਾਰਿਆਂ, ਖ਼ਾਲੀ ਜ਼ਮੀਨ/ਪਲਾਟ, ਨਹਿਰਾਂ , ਕੱਸੀਆਂ ਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਤੇ ਪਲਦੀ ਰਹਿੰਦੀ ਹੈ, ਨਰਮੇ ਦੀ ਬਿਜਾਈ ਉਪਰੰਤ ਨਦੀਨ ਉੱਪਰ ਪਲ ਰਹੀ ਇਹ ਚਿੱਟੀ ਮੱਖੀ ਨਰਮੇ ਦੀ ਫ਼ਸਲ ਤੇ ਹਮਲਾ ਕਰਕੇ ਫ਼ਸਲ ਨੂੰ ਨੁਕਸਾਨ ਪਹੁੰਚਾਉਦੀ ਹੈ। ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਦਾ ਸਰਕਲ ਤੋੜਨ ਲਈ ਜ਼ਰੂਰੀ ਹੈ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠਕੰਡਾ, ਗਾਜਰਘਾਹ, ਧਤੂਰਾ, ਭੰਗ, ਗੁੱਤ ਪੁੱਟਣਾ, ਭੱਖੜਾ, ਇਟਸਿਟ ਆਦਿ ਨਰਮੇ ਦੀ ਬਿਜਾਈ ਤੋਂ ਪਹਿਲਾਂ ਨਸ਼ਟ ਕਰਨ ਜ਼ਰੂਰੀ ਹਨ।
ਇਸ ਮੌਕੇ ਐਸ.ਡੀ.ਐਮ ਬਰਨਾਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਵਣ ਰੇਂਜ ਅਫ਼ਸਰ, ਮੰਡੀ ਬੋਰਡ, ਖੇਤੀਬਾੜੀ ਵਿਭਾਗ, ਪੀ.ਡਬਲਿਯੂ.ਡੀ, ਜ਼ਿਲ੍ਹਾ ਸਿੱਖਿਆ ਅਫ਼ਸਰ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ ਆਦਿ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।