ਫਾਜ਼ਿਲਕਾ 8 ਅਕਤੂਬਰ 2021
ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਪਿੰਡ ਮਾਹੂਆਣਾ ਬੋਦਲਾ , ਜ਼ਿਲ੍ਹਾ ਫਾਜ਼ਿਲਕਾ ਵਿਖੇ ਫਲਾਂ ਅਤੇ ਸਬਜ਼ੀਆਂ ਦੀ ਸਫਲ ਕਾਸ਼ਤ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਮਨਦੀਪ ਸਿੰਘ ਬਰਾੜ ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਦੱਸਦਿਆਂ ਅਪੀਲ ਕੀਤੀ ਗਈ ਕਿ ਕਿਸਾਨ ਆਪਣੇ ਪਹਿਵਾਰ ਦੀ ਰੋਜ਼ਾਨਾ ਲੋੜ ਅਨੁਸਾਰ ਜ਼ਹਿਰ ਮੁਕਤ ਸਬਜ਼ੀਆਂ ਆਪ ਪੈਦਾ ਕਰਨ। ਡਾ. ਬਰਾੜ ਵੱਲੋਂ ਦੱਸਿਆ ਗਿਆ ਕਿ ਮਿੱਟੀ ਪਰਖ ਰਾਹੀਂ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ। ਖਾਦਾਂ ਦੀ ਦੁਰਵਰਤੋਂ ਨਾ ਕੇਵਲ ਭੂਮੀ ਅਤੇ ਫ਼ਸਲਾਂ ਦੀ ਸਿਹਤ ਤੇ ਮਾੜਾ ਅਸਰ ਪਾਉਂਦੀ ਹੈ ਸਗੋਂ ਵਾਤਾਵਰਨ ਨੂੰ ਵੀ ਖਰਾਬ ਕਰਦੀ ਹੈ। ਮਿੱਟੀ ਪਰਖ ਤੋਂ ਸਾਨੂੰ ਜ਼ਮੀਨ ਦੀ ਉਪਜਾਊ ਸ਼ਕਤੀ, ਉਸਦਾ ਖਾਰੀ ਅੰਗ, ਜੀਵਕ ਕਾਰਬਨ ਅਤੇ ਜ਼ਰੂਰੀ ਤੱਤਾਂ ਦੀ ਉਪਲੱਬਧਾ ਦਾ ਪਤਾ ਲੱਗਦਾ ਹੈ। ਨਵਾਂ ਬਾਗ ਲਗਾਉਣ ਲਈ ਸਹੀ ਫੈਸਲਾ ਲੈਣ ਵਾਸਤੇ ਮਿੱਟੀ ਪਰਖ ਕਰਵਾਉਣੀ ਅਤੀ ਜਰੂਰੀ ਹੈ।
ਉਹਨਾਂ ਕਿਹਾ ਕਿ ਨਵੇਂ ਬਾਗ ਲਗਾਉਣ ਲਈ ਬੂਟੇ ਹਮੇਸ਼ਾ ਭਰੋਸੇਯੋਗ ਨਰਸਰੀ ਤੋਂ ਹੀ ਖਰੀਦਣੇ ਚਾਹੀਦੇ ਹਨ ਅਤੇ ਬੂਟਿਆਂ ਦਾ ਬਿੱਲ ਜਰੂਰ ਲੈਣਾ ਚਾਹੀਦਾ ਹੈ। ਇਸਤੋਂ ਇਲਾਵਾ ਡਾ. ਬਰਾੜ ਵੱਲੋਂ ਕਿਨੂੰ/ਮਾਲਟੇ ਅਤੇ ਅਮਰੂਦ ਦੀਆਂ ਬੀਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਅਤੇ ਕੌਮੀ ਬਾਗਬਾਨੀ ਮਿਸ਼ਨ ਅਧੀਨ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ(ਐਂਟੋਮੋਲੋਜੀ) ਵਲੋਂ ਨਵੇਂ ਬਾਗਾਂ ਦੀ ਵਿਉਂਤਬੰਦੀ ਅਤੇ ਮਿੱਟੀ ਦੇ ਸੈਂਪਲ ਲੈਣ ਦੇ ਢੰਗ-ਤਰੀਕਿਆਂ ਬਾਰੇ ਦੱਸਦਿਆਂ ਕਿਨੂੰ/ਮਾਲਟੇ ਅਤੇ ਅਮਰੂਦ ਦੇ ਕੀੜੇ-ਮਕੌੜਿਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਸਬਜ਼ੀ ਬੀਜਾਂ ਦੀਆਂ ਮਿੰਨੀ ਕਿੱਟਾਂ ਮੁਹੱਈਆਂ ਕਰਵਾਈਆਂ ਗਈਆਂ। ਅੰਤ ਵਿੱਚ ਕਿਸਾਨਾਂ ਦੇ ਸੁਆਲਾਂ ਦੇ ਜੁਆਬ ਦਿੱਤੇ ਗਏ। ਇਸ ਮੌਕੇ ਸ਼੍ਰੀ ਸ਼ਰਧਾ ਸਿੰਘ ਬਾਗਬਾਨੀ ਤਕਨੀਕੀ ਸਹਾਇਕ, ਸੁਭਾਸ਼ ਚੰਦਰ ਸਾਬਕਾ ਸਰਪੰਚ, ਬਲਕਰਨ ਸਿੰਘ, ਹਰਚੰਦ ਸਿੰਘ, ਕੁਲਵਿੰਦਰ ਸਿੰਘ, ਸਿਮਰਨ ਸਿੰਘ, ਇਕੱਤਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।