ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਆਕਸੀਜਨ ਪਲਾਂਟ ਅਤੇ ਸਟੂਡੈਂਟਸ ਇਮਾਰਤ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 4 ਜੂਨ 2021 ਕਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਛੋਟੇ ਬੱਚਿਆਂ ਲਈ ਵਿਸ਼ੇਸ਼ ਵਾਰਡਾਂ ਵੀ ਬਣਾ ਦਿੱਤੀਆਂ ਗਈਆਂ ਹਨ ਜਿਥੇ ਇਨ੍ਹਾਂ ਬੱਚਿਆਂ ਦੇ ਨਾਲ ਉਨ੍ਹਾਂ ਦੇ ਮਾਤਾ ਪਿਤਾ ਵੀ ਨਾਲ ਰਹਿ ਸਕਣਗੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਧੀਨ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਕਸੀਜਨ ਬਣਾਉਣ ਵਾਲੇ ਪਲਾਂਟ ਦਾ ਉਦਘਾਟਨ ਕਰਨ ਸਮੇਂ ਕੀਤਾ।
ਸ੍ਰੀ ਸੋਨੀ ਨੇ ਦੱਸਿਆ ਕਿ ਇਸ ਅਕਾਸੀਜਨ ਪਲਾਂਟ ਦੀ ਕੈਪਸਿਟੀ 1000 ਲਿਟਰ ਪ੍ਰਤੀ ਮਿੰਟ ਅਕਾਸੀਜਨ ਦਾ ਉਤਪਾਦਨ ਕਰਨ ਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪੈਦਾ ਹੋਣ ਵਾਲੀ ਆਕਸੀਜਨ ਹਸਪਤਾਲ ਦੀਆਂ ਕੋਵਿਡ ਅਤੇ ਨਾਨ ਕੋਵਿਡ ਵਾਰਡਾਂ ਵਿੱਚ ਲਗਾਈਆਂ ਗਈਆਂ ਗੈਸ ਪਾਇਪਾਂ ਰਾਹੀਂ ਹਸਪਤਾਲ ਤੱਕ ਪਹੁੰਚੇਗੀ ਅਤੇ ਜਿਸ ਨਾਲ ਆਕਸੀਜਨ ਦੀ ਕਮੀ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਲੱਗਣ ਨਾਲ ਆਕਸੀਜਨ ਦੀ ਕਮੀ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਅਕਾਸੀਜਨ ਪਲਾਂਟ ਡੀ:ਆਰ:ਡੀ:ਓ ਵੱਲੋਂ ਲਗਾਇਆ ਗਿਆ ਹੈ ਅਤੇ ਇਸ ਨੂੰ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਪਲਾਂਟ ਤੇ ਕਰੀਬ 3 ਕਰੋੜ ਰੁਪਏ ਦਾ ਖਰਚ ਆਇਆ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੈਡੀਕਲ ਕਾਲਜ ਵਿੱਚ 2 ਹੋਰ ਪਲਾਂਟ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਹੀ ਮੈਡੀਕਲ ਕਾਲਜ ਪਟਿਆਲਾ ਵਿਖੇ ਵੀ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਉਪਰਤ ਸ੍ਰੀ ਸੋਨੀ ਵੱਲੋਂ ਮੈਡੀਕਲ ਕਾਲਜ ਵਿਖੇ 414.47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਟੂਡੈਂਟਸ ਸੈਂਟਰ ਦੀ ਇਮਾਰਤ ਦਾ ਉਦਘਾਟਨ ਵੀ ਕੀਤਾ। ਸ੍ਰੀ ਸੋਨੀ ਨੇ ਦੱਸਿਆ ਕਿ ਇਹ ਇਮਾਰਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ, ਇਸ ਇਮਾਰਤ ਕੁੱਲ ਜਗ੍ਹਾ 2025 ਸਕੇਅਰ ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ ਕਾਲਜ ਦੇ ਵਿਦਿਆਰਥੀਆਂ ਲਈ ਪਹਿਲੀ ਮੰਜ਼ਿਲ ਤੇ ਬੈਡਮਿੰਟਨ ਕੋਰਟ, ਟੈਬਲ ਟੈਨਿਸ ਕੋਰਟ, ਇਨਡੋਰ ਖੇਡਾਂ ਦਾ ਹਾਲ, ਜਿੰਮ ਅਤੇ ਸਵਿਮਿੰਗ ਪੂਲ ਦੀ ਵਿਵਸਥਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗਰਾਉਂਡ ਮੰਜ਼ਿਲ ਤੇ ਵਿਦਿਆਰਥੀਆਂ ਤੇ ਟੀਚਰਾਂ ਕੰਟੀਨ ਦੀ ਸੁਵਿਧਾ ਵੀ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਇਮਾਰਤ ਵਿੱਚ ਕੌਫੀ, ਜੂਸ , ਸਟੇਸ਼ਨਰੀ ਅਤੇ ਪ੍ਰੋਵਿਜਨਲ ਸਟੋਰ ਆਦਿ ਦੀ ਸੁਵਿਧਾ ਮੁਹੱਈਆ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ ਕਾਲਜ ਦੇ ਟੀਚਰਾਂ ਲਈ ਮੀਟਿੰਗਾਂ ਕਰਨ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ।
ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਦੱਸਿਆ ਕਿ ਕਰੋਨਾ ਦੇ ਕੇਸਾਂ ਵਿੱਚ ਕਾਫੀ ਕਮੀ ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਦੁਕਾਨਾਂ ਖੁਲਣ ਦੇ ਸਮੇਂ ਨੂੰ ਵਧਾਉਣ ਲਈ ਮੁੱਖ ਮੰਤਰੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਕਿਹਾ ਕਿ ਤੀਜੀ ਲਹਿਰ ਨਾਲ ਨਿਪਟਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਬੱਚਿਆਂ ਲਈ ਕੋਵਿਡ ਵਾਰਡਾਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਇਨ੍ਹਾਂ ਵਾਰਡਾਂ ਵਿੱਚ ਬੱਚਿਆਂ ਦੇ ਮਾਤਾ ਪਿਤਾ ਦੇ ਰਹਿਣ ਦੇ ਇੰਤਜਾਮ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਰੇ ਕਿ ਤੀਜੀ ਲਹਿਰ ਨਾ ਹੀ ਆਵੇ ਪਰ ਜੇਕਰ ਆਉਂਦੀ ਹੈ ਤਾਂ ਅਸੀਂ ਇਸ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਉਨ੍ਹਾਂ ਵੈਕਸੀਨ ਦੀ ਗੱਲ ਕਰਦਿਆਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਰੋਜਾਨਾ ਜਿਲੇ੍ਹ ਵਿੱਚ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਕੈਂਪ ਲਗਾ ਕੇ ਲੋਕਾਂ ਨੂੰ ਲਗਾਈ ਜਾ ਰਹੀ ਹੈ। ਇਸ ਮੌਕੇ ਸ੍ਰ੍ਰੀ ਸੋਨੀ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਡਾਕਟਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸੂ ਅਗਰਵਾਲ, ਡਾ: ਹਰਨੂਰ ਕੌਰ, ਡਾਇਰੈਕਟਰ ਮੈਡੀਕਲ ਸਿਖਿਆ ਤੇ ਖੋਜ ਮੈਡਮ ਸੁਜਾਤਾ ਸ਼ਰਮਾ, ਪ੍ਰਿੰਸੀਪਲ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ, ਮੈਡੀਕਲ ਸੁਪਰਡੰਟ ਡਾ: ਕੰਵਰਦੀਪ ਸਿੰਘ, ਵਾਇਸ ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਜਗਦੇਵ ਸਿੰਘ ਕੁਲਾਰ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਚੇਅਰਮੈਨ ਸ੍ਰੀ ਧਰਮਵੀਰ ਸਰੀਨ, ਸ੍ਰੀ ਅਸ਼ਵਨੀ ਪੱਪੂ, ਸ੍ਰੀ ਅਰੁਣ ਨਈਯਰ ਜੇ:ਈ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਕਸੀਜਨ ਪਲਾਂਟ ਦਾ ਉਦਘਾਟਨ ਕਰਦੇ ਹੋਏ। ਨਾਲ ਨਜਰ ਆ ਰਹ ਹਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ।
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੈਡੀਕਲ ਕਾਲਜ ਵਿਖੇ ਸਟੂਡੈਂਟਸ ਸੈਂਟਰ ਦੀ ਇਮਾਰਤ ਦਾ ਉਦਘਾਟਨ ਕਰਦੇ ਹੋਏ। ਨਾਲ ਨਜਰ ਆ ਰਹ ਹਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ।
ਡਾਕਟਰਾਂ ਨੂੰ ਸਨਮਾਨਤ ਕਰਦੇ ਹੋਏ।