ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਫਾਜ਼ਿਲਕਾ 31 ਜਨਵਰੀ 2024
ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਫਾਜ਼ਿਲਕਾ ਵਿਖੇ ਵੀ ਇਸ ਕੌਮੀ ਸੜਕ ਸੁਰੱਖਿਆ ਮੁਹਿੰਮ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਜਿਥੇ ਸਰਾਹਿਆ ਜਾ ਰਿਹਾ ਹੈ ਉਥੇ ਹੋਰਨਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀ ਤਹਿਤ ਪੁਲਿਸ ਵਿਭਾਗ ਵੱਲੋਂ ਸ਼ਲਾਘਾਯੋਗ ਪਹਿਲ ਕਰਦਿਆਂ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨ ਵਾਲਿਆਂ ਨੂੰ ਜਿਥੇ ਇਸ ਦੇ ਫਾਇਦਿਆਂ ਬਾਰੇ ਪ੍ਰੇਰਿਤ ਕੀਤਾ ਗਿਆ ਉਥੇ ਵਰਤੋਂ ਨਾ ਕਰਨ ਵਾਲਿਆਂ ਨੂੰ ਇਸ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਗੱਡੀ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਚਾਹੀਦੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਲਾਜਮੀ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਦਮ ਬਰੇਕ ਲਗਾਉਣ ਨਾਲ ਸੀਟ ਬੈਲਣ ਲਗੀ ਹੋਣ ਨਾਲ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੈਲਮੇਟ ਦੀ ਵਰਤੋਂ ਕਰਨ ਵਾਲੇ ਵੀ ਸੜਕੀ ਦੁਰਘਟਨਾਵਾਂ ਦੌਰਾਨ ਹੋਣ ਵਾਲੇ ਨੁਕਸਾਨਾਂ ਤੋਂ ਬਚ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਾਗਰੂਕਤਾ ਸੈਮੀਨਾਰ ਲਗਾ ਕੇ ਵੀ ਲੋਕਾਂ ਤੇ ਰਾਹਗੀਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਮਾਤਮਾ ਵੱਲੋਂ ਬਖਸ਼ੀ ਇਸ ਕੀਮਤੀ ਜਾਨ ਨੂੰ ਅਜਾਈ ਨਾ ਗਵਾਇਆ ਜਾਵੇ। ਇਸੇ ਲੜੀ ਤਹਿਤ ਡੀਏਵੀ ਸਕੂਲ ਫਾਜ਼ਿਲਕਾ ਵਿਖੇ ਨੈਸ਼ਨਲ ਸੜਕ ਸੁਰੱਖਿਆ ਮਹੀਨਾ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਪੁਲਿਸ ਵਿਭਾਗ ਤੋਂ ਚੰਨ ਲਾਲ, ਮਲਕੀਤ ਸਿੰਘ, ਬਲਜੀਤ ਸਿੰਘ ਆਦਿ ਵੱਲੋਂ ਜਾਗਰੂਕਤਾ ਸੈਮੀਨਾਂਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।