ਸ਼ਬਦ ਗਾਇਨ ਮੁਕਾਬਲੇ
*ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ
ਬਰਨਾਲਾ, 12 ਫਰਵਰੀ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਪ੍ਰਇਮਰੀ ਸਕੂਲ ਗੁਰਸੇਵਕ ਨਗਰ ਬਰਨਾਲਾ ਵਿਖੇ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਸ਼ਬਦ ਗਾਇਨ ਮੁਕਾਬਲੇ ’ਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੁਕਾਬਲੇ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਬਦ ਬੱਚਿਆਂ ਵੱਲੋਂ ਗਾਇਨ ਕੀਤੇ ਗਏ। ਮੁਕਾਬਲੇ ਤੋਂ ਪਹਿਲਾਂ ਸਕੂਲ ਮੁਖੀ ਸ੍ਰੀਮਤੀ ਅਮਰਜੀਤ ਕੌਰ ਜੀ ਨੇ ਗੁਰੂ ਸਾਹਿਬ ਦੇ ਬਲੀਦਾਨ ਭਰੇ ਜੀਵਨ ਨੂੰ ਬਿਆਨ ਕਰਦੇ ਹੋਏ ਦੂਜਿਆਂ ਪ੍ਰਤੀ ਸੇਵਾ ਭਾਵਨਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਇਸ ਸਬੰਧੀ ਜ਼ਿਲਾ ਸਿੱਖਿਆ ਅਫਸਰ ਨੇ ਦੱਸਿਆ ਕਿ ਜਨਵਰੀ ਮਹੀਨੇ ਦੌਰਾਨ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਹਨ। ਇਸ ਤੋਂ ਪਹਿਲਾਂ ਲਾਕਡਾਊਨ ਦੌਰਾਨ 11 ਤਰਾਂ ਦੇ ਆਨਲਾਈਨ ਵਿਦਿਅਕ ਮੁਕਾਬਲੇ ਕਰਵਾਏ ਜਾ ਚੁੱਕੇ ਹਨ।
ਇਸ ਮੁਕਾਬਲੇ ਵਿੱਚ ਚੌਥੀ ਸ਼੍ਰੇਣੀ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਸਾਜਾਂ ਨਾਲ ਸ਼ਬਦ ਗਾਇਨ ਕਰਕੇ ਸਭ ਦਾ ਮਨ ਮੋਹ ਲਿਆ। ਸਟੇਜ ਸੰਚਾਲਣ ਸ੍ਰੀਮਤੀ ਗੁਰਮੀਤ ਕੌਰ ਦੁਆਰਾ ਕੀਤਾ ਗਿਆ। ਇਸ ਮੌਕੇ ਮੈਡਮ ਮਨਜੀਤ ਕੌਰ ਅਤੇ ਮੈਡਮ ਗੁਰਪ੍ਰੀਤ ਕੌਰ ਹਾਜ਼ਰ ਸਨ।