ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ
*ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾÇੲਤਾਂ ਦੀ ਪਾਲਣਾ ਕਰਨ ਦੀ ਅਪੀਲ
ਬਰਨਾਲਾ, 12 ਨਵੰਬਰ
ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਨੂੰ ਦੀਵਾਲੀ ਅਤੇ ਹੋਰ ਆਗਾਮੀ ਤਿਉਹਾਰਾਂ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਹੈ ਕਿ ਇਨ੍ਹਾਂ ਖੁਸ਼ੀ ਦੇ ਮੌਕਿਆਂ ਦੌਰਾਨ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾੲਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ’ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕ੍ਰਿਸਮਿਸ ਦੇ ਤਿਉਹਾਰ ’ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ (14 ਨਵੰਬਰ) ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ। ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ। ਇਸੇ ਤਰ੍ਹਾਂ ਕ੍ਰਿਸਮਿਸ ਦੇ ਮੌਕੇ ਲੋਕ ਇਹ ਪਟਾਕੇ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਚਲਾ ਸਕਦੇ ਹਨ। ਇਨ੍ਹਾਂ ਰੋਕਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਟਾਖੇ ਵੇਚਣ ਸਬੰਧੀ ਥਾਵਾਂ ਨਿਰਧਾਰਿਤ ਕੀਤੀਆਂ ਹੋਈਆਂ ਹਨ। ਬਰਨਾਲਾ ਸ਼ਹਿਰ ਵਿਖੇ 25 ਏਕੜ ਸਕੀਮ ਇੰਮਪੂਰਵਮੈਂਟ ਟਰੱਸਟ, ਬਰਨਾਲਾ ਅਤੇ ਕਾਲਾ ਮਹਿਰ ਸਟੇਡੀਅਮ ਬਰਨਾਲਾ, ਪੱਕਾ ਬਾਗ ਸਟੇਡੀਅਮ ਧਨੌਲਾ, ਲੁੱਕ ਪਲਾਂਟ ਹੰਡਿਆਇਆ ਅਤੇ ਦਾਣਾ ਮੰਡੀ ਜੋ ਕਿ ਐਨ.ਐਚ 7 ’ਤੇ ਸਥਿਤ ਹੈ। ਮਹਿਲ ਕਲਾਂ ਵਿਖੇ ਗੋਲਡਨ ਸਿਟੀ ਕਾਲੋਨੀ ਜੋ ਕਿ ਬਰਨਾਲਾ-ਮਹਿਲ ਕਲਾਂ ਰੋਡ ’ਤੇ ਸਥਿਤ ਹੈ। ਤਪਾ ਵਿਖੇ ਘੁੰਨਸ ਰੋਡ ਉਪਰ ਬਣੇ ਸਟੇਡੀਅਮ (ਕੱਸੀ ਵਾਲੇ ਗਰਾਊਂਡ) ਦੀ ਜਗ੍ਹਾ, ਭਦੌੜ ਵਿਖੇ ਪਬਲਿਕ ਸਪੋਰਟਸ ਸਟੇਡੀਅਮ ਵਾਲੀ ਜਗ੍ਹਾ ਪੱਤੀ ਮੇਹਰ ਸਿੰਘ ਅਤੇ ਸਹਿਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਦੇ ਖੇਡ ਮੈਦਾਨ ਵਾਲੀ ਜਗ੍ਹਾ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੈਂਸ ਜਾਰੀ ਕੀੇਤੇ ਗਏ ਹਨ, ਇਸ ਲਈ ਅਣ-ਅਧਿਕਾਰਤ ਤੌਰ ’ਤੇ ਪਟਾਖੇ ਵੇਚਣ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਉਹਾਰ ਮਨਾਉਣ ਅਤੇ ਵਧ ਰਹੇ ਹਵਾ ਪ੍ਰਦੂਸ਼ਣ ਦੇ ਸਨਮੁੱਖ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਤੋਂ ਗੁਰੇਜ਼ ਹੀ ਕਰਨ।