-14,523 ਦਿਵਿਆਂਗਜਨਾਂ ਵਿਅਕਤੀਆਂ ਨੂੰ ਵਿਲੱਖਣ ਸ਼ਨਾਖਤੀ ਕਾਰਡ ਹੋਏ ਜਾਰੀ
-ਪਟਿਆਲਾ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀ ਆਪਣਾ ਕਾਰਡ ਬਣਵਾਉਣ ਲਈ ਸੇਵਾ ਕੇਂਦਰ ਨਾਲ ਕਰਨ ਸੰਪਰਕ
ਪਟਿਆਲਾ, 27 ਨਵੰਬਰ:
ਪੰਜਾਬ ਰਾਜ ਦੇ ਵਸਨੀਕ ਦਿਵਿਆਂਗਜਨਾਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਅਤੇ ਆਨਲਾਈਨ ਦਿਵਿਆਂਗਤਾ ਦਾ ਸ਼ਰਟੀਫਿਕੇਟ ਜਾਰੀ ਕਰਨ ਲਈ ਪ੍ਰੋਜੈਕਟ ਲਾਗੂ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਜ਼ਿਲ੍ਹ ‘ਚ ਅੱਜ ਤੱਕ 23,088 ਕਾਰਡ ਦੀਆਂ ਅਰਜ਼ੀਆਂ ਅਪਲਾਈ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 14,523 ਕਾਰਡ ਜਾਰੀ ਹੋ ਚੁੱਕੇ ਹਨ ।
ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਪ੍ਰੋਜੈਕਟ ਅਧੀਨ www.swablambancard.gov.in ਪੋਰਟਲ ਬਣਾਇਆ ਗਿਆ ਹੈ ਅਤੇ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕੀ ਸੇਵਾ ਕੇਂਦਰ, ਸਿਹਤ ਕੇਂਦਰ, ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਵਿੱਚ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਕਾਰਡ ਦੇ ਧਾਰਕਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਤਹਿਤ ਸਾਰੀਆਂ ਸਹੂਲਤਾਂ ਤੋਂ ਇਲਾਵਾ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਅੱਧੇ ਕਿਰਾਏ ਦੀ ਸਹੂਲਤ ਦਿੱਤੀ ਜਾਂਦੀ ਹੈ, ਇਸ ਦੇ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸਕੀਮ ਅਧੀਨ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ। ਸਮੇਂ-ਸਮੇਂ ਤੇ ਸਰਕਾਰ ਵੱਲੋਂ ਨਿਰਧਾਰਤ ਸਰਕਾਰੀ ਨੌਕਰੀਆਂ ਦੀ ਭਰਤੀ ਤਰੱਕੀਆਂ ਵਿੱਚ ਰਾਖਵਾਂਕਰਨ, ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗ ਵਿਦਿਆਰਥੀਆਂ ਅਤੇ ਪੇਡੂ ਖੇਤਰਾਂ ਦੀਆਂ ਦਿਵਿਆਂਗ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ।
ਡੀ.ਐਸ.ਐਸ.ਓ. ਨੇ ਦੱਸਿਆ ਕਿ ਇਹ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਸਹਾਇਤਾ ਉਪਕਰਨ ਅਤੇ ਨਕਲੀ ਅੰਗ ਮੁਹੱਈਆ ਕਰਨ ਵਿੱਚ ਵੀ ਸਹਾਈ ਸਿੱਧ ਹੋਣਗੇ।