ਬਟਾਲਾ ਵਿਖੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਮੁਫ਼ਤ ਆਰਸੈਨਿਕ ਰੀਮੂਵਲ ਪਲਾਂਟ ਤਕਸੀਮ ਕੀਤੇ
ਬਟਾਲਾ, 5 ਜੂਨ 2021 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਕ ਵਰਚੂਅਲ ਸਮਾਗਮ ਦੌਰਾਨ ਮੁੜ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ, ਚੰਗਾ ਭੋਜਨ, ਚੰਗੀਆਂ ਸੜਕਾਂ ਆਦਿ ਮੁਹੱਈਆ ਕਰਵਾਉਣ ਦੇ 10 ਸੂਤਰੀ ਪ੍ਰੋਗਰਾਮ ਦੀ ਜਾਣਕਾਰੀ ਸੂਬਾ ਵਾਸੀਆਂ ਨਾਲ ਸਾਂਝੀ ਕੀਤੀ।
ਇਸ ਵਰਚੂਅਲ ਸਮਾਗਮ ਵਿੱਚ ਬਟਾਲਾ ਦੇ ਐੱਸ.ਐੱਸ.ਪੀ. ਦਫ਼ਤਰ ਤੋਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਜਲ ਸਪਲਾਈ ਵਿਭਾਗ ਦੇ ਐਕਸੀਅਨ ਸ. ਸੁਖਦੀਪ ਸਿੰਘ ਧਾਲੀਵਾਲ, ਐੱਸ.ਡੀ.ਓ. ਸੁਭਾਸ਼ ਚੰਦਰ ਵੀ ਆਨ-ਲਾਈਨ ਸ਼ਾਮਲ ਹੋਏ।
ਇਸ ਦੌਰਾਨ ਸੂਬੇ ਦੇ ਲੋਕਾਂ ਨਾਲ ਸੰਵਾਦ ਦੌਰਾਨ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਲਾਂਚ ਕੀਤਾ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਵੀ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਮਿਲਾਵਟ ਰਹਿਤ ਭੋਜਨ ਪਦਾਰਥ, ਸਾਫ ਪਾਣੀ, ਸਾਫ ਹਵਾ, ਹਰਾ ਭਰਾ ਚੌਗਿਰਦਾ, ਰੋਡ ਸੇਫਟੀ, ਕੂੜਾ ਪ੍ਰਬੰਧਨ, ਖੇਡਾਂ ਆਦਿ ਸਹੁਲਤਾਂ ਇਸ ਮਿਸ਼ਨ ਤਹਿਤ ਦੇਵੇਗੀ।
ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰਾ ਨੇ ਸ਼ਹਿਰਾਂ ਦੇ ਵਿਕਾਸ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਮਿਲਾਵਟ ਰੋਕਣ ਲਈ ਸਰਕਾਰ ਦੇ ਉਪਰਾਲੇ ਲੋਕਾਂ ਨਾਲ ਸਾਂਝੇ ਕੀਤੇ। ਜਲ ਸਪਲਾਈ ਵਿਭਾਗ ਦੇ ਮੰਤਰੀ ਰਜੀਆ ਸੁਲਤਾਨਾ ਨੇ ਪੀਣ ਦੇ ਪਾਣੀ ਦੀ ਸਪਲਾਈ ਲਈ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ। ਖੇਡ ਮੰਤਰੀ ਸ: ਗੁਰਮੀਤ ਸਿੰਘ ਰਾਣਾ ਸੋਢੀ ਨੇ ਖੇਡ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ।
ਸਮਾਗਮ ਦੇ ਅਖੀਰ ਵਿੱਚ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 10 ਲਾਭਪਾਤਰੀਆਂ ਨੂੰ ਮੁਫ਼ਤ ਆਰਸੈਨਿਕ ਰੀਮੂਵਲ ਪਲਾਂਟ ਤਕਸੀਮ ਕੀਤੇ। ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਦੇ ਜ਼ਮੀਨ ਹੇਠਲੇ ਪਾਣੀ ਦਾ ਵਿਸ਼ੇਸ਼ ਸਰਵੇ ਕੀਤਾ ਗਿਆ ਹੈ ਅਤੇ ਜਿਨ੍ਹਾਂ ਪਿੰਡਾਂ ਦੇ ਪਾਣੀ ਵਿੱਚ ਆਰਸੈਨਿਕ ਤੱਤ ਜਿਆਦਾ ਆਇਆ ਹੈ ਰਾਜ ਸਰਕਾਰ ਵੱਲੋਂ ਉਨ੍ਹਾਂ ਸਾਰੇ ਪਿੰਡਾਂ ਦੇ ਘਰਾਂ ਵਿੱਚ ਮੁਫ਼ਤ ਆਰਸੈਨਿਕ ਰੀਮੂਵਲ ਪਲਾਂਟ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪੰਜ ਪਿੰਡ ਨੰਗਲ, ਦਾਦੂਜੋਦ, ਅਵਾਣ, ਵੀਲਾ ਤੇਜਾ, ਸਰਫ਼ਕੋਟ, ਅਤੇ ਹਲਕਾ ਡੇਰਾ ਬਾਬਾ ਨਾਨਕ ਦੇ 9 ਪਿੰਡ ਅਤੇ ਹਲਕਾ ਗੁਰਦਾਸਪੁਰ ਦੇ 2 ਪਿੰਡਾਂ ਵਿੱਚ ਆਰਸੈਨਿਕ ਰੀਮੂਵਲ ਪਲਾਂਟ ਵੰਡੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡਾਂ ਨੂੰ ਨਹਿਰੀ ਪਾਣੀ ਫਿਲਟਰ ਕਰਕੇ ਦੇਣ ਦੀ ਯੋਜਨਾ ਉੱਪਰ ਵੀ ਕੰਮ ਚੱਲ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਨੂੰ ਪੂਰੀ ਸਫਲਤਾ ਨਾਲ ਨੇਪਰੇ ਚਾੜਿਆ ਜਾਵੇਗਾ।