ਨਸ਼ਾਖੋਰੀ ਸਰੀਰਕ ਨਹੀਂ, ਮਾਨਸਿਕ ਰੋਗ : ਡਾ: ਪੂਜਾ
ਮੋਹਾਲੀ ,26 ਜੂਨ 2021 ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿੱਚ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ ਦੀ ਅਗਵਾਈ ਹੇਠ ਜ਼ਿਲ੍ਹਾ ਨਸ਼ਾ-ਛੂਡਾਊ ਅਤੇ ਮੁੜ-ਵਸੇਬਾ ਕੇਂਦਰ ਸੈਕਟਰ 66, ਮੋਹਾਲੀ ਅਤੇ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅੱਜ ਜਾਗਰੂਕਤਾ ਸਮਾਗਮ ਕਰਵਾਏ ਗਏ|
ਜ਼ਿਲ੍ਹਾ ਨਸ਼ਾ-ਛੂਡਾਊ ਅਤੇ ਮੁੜ-ਵਸੇਬਾ ਕੇਂਦਰ ਵਿਖੇ ਡਾ. ਪੂਜਾ ਸ਼ਰਮਾ ਨੇ ਨਸ਼ਾ ਪੀੜਤਾਂ ਅਤੇ ਹੋਰ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸ ਨੂੰ ਇਲਾਜ ਦੀ ਸਖਤ ਜ਼ਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਉਹਨਾਂ ਕਿਹਾ ਕਿ ਨਸ਼ਾਖੋਰੀ ਸਰੀਰਕ ਨਹੀਂ, ਮਾਨਸਿਕ ਰੋਗ ਹੈ|
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕੌਂਸਲਿੰਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ ।
ਇਸੇ ਤਰ੍ਹਾਂ ਬੂਥਗੜ੍ਹ ਬਲਾਕ ਦੇ ਸਿਹਤ ਕੇਂਦਰ ਪੜ੍ਹੋਲ ਵਿਖੇ ਐਸ. ਐਮ. ਓ ਡਾ. ਜਸਕਿਰਨਦੀਪ ਕੌਰ ਦੀ ਅਗਵਾਈ ਹੇਠ ਸੀ. ਐਚ. ਓ ਕਰਮਜੀਤ ਕੌਰ ਨੇ ਪਿੰਡ ਵਾਸੀਆਂ ਦੇ ਇਕੱਠ ਨੂੰ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ । ਉਹਨਾਂ ਦੱਸਿਆ ਕਿ ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ (DAPO) ਅਤੇ ਬਡੀ (Buddy) ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਜਾ ਰਿਹਾ ਹੈ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।
ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਏ ਜਾਣ ਦੇ ਦ੍ਰਿਸ਼|