ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁਦਾ ਸੰਭਾਲਿਆ
ਨਵਾਂਸ਼ਹਿਰ, 29 ਅਪ੍ਰੈਲ 2021 : ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਡਾ. ਰਾਕੇਸ਼ ਚੰਦਰ ਕਮਿਊਨਿਟੀ ਸਿਹਤ ਕੇਂਦਰ ਕਾਠਗੜ੍ਹ ਵਿਖੇ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ਉੱਤੇ ਤਾਇਨਾਤ ਸਨ।
ਡਾ. ਰਾਕੇਸ਼ ਚੰਦਰ ਨੇ ਮੈਡੀਕਲ ਅਫਸਰ ਦੇ ਤੌਰ ਉੱਤੇ ਈ.ਐੱਸ.ਆਈ. ਫਗਵਾੜਾ ਵਿਖੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਕੀਤੀ ਸੀ। ਉਹ ਈ.ਐੱਸ.ਆਈ. ਡਿਸਪੈਂਸਰੀ ਫਗਵਾੜਾ ਦੇ ਮੈਡੀਕਲ ਅਫਸਰ ਇੰਚਾਰਜ ਸਨ ਅਤੇ 9 ਅਪ੍ਰੈਲ ਨੂੰ ਉਨ੍ਹਾਂ ਨੂੰ ਬਤੌਰ ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਸਿਹਤ ਕੇਂਦਰ ਕਾਠਗੜ੍ਹ ਦੇ ਅਹੁਦੇ ਉੱੇਤੇ ਪਦਉੱਨਤ ਕੀਤਾ ਗਿਆ ਸੀ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਜੋ ਵੀ ਇਸ ਐਕਟ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਚੰਦਰ ਨੇ ਕਿਹਾ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਤਿੱਖੀ ਨਜ਼ਰ ਰੱਖੇਗਾ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਆਮ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹ੍ਹਾਂ ਨੇ ਕਿਹਾ ਕਿ ਉਹ ਵੱਖ-ਵੱਖ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿਚ ਵਧੇਰੇ ਪ੍ਰਭਾਵਸ਼ਾਲੀ ਅਤੇ ਬਿਹਤਰ ਤਰੀਕੇ ਨਾਲ ਲਾਗੂ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਤੱਕ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਨੂੰ ਤਰਜੀਹ ਦੇਣਗੇ।