ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੀਆਂ ਤਿਆਰੀਆਂ ਦਾ ਜਾਇਜ਼ਾ
ਬਰਨਾਲਾ, 3 ਅਗਸਤ 2021
ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੰਜਾਬ ਸਰਕਾਰ ਦੀਆਂ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੱਧਰੀ ਕੰਪਲੈਕਸ ਬਰਨਾਲਾ ਵਿਖੇ ਕਰਾਇਆ ਜਾਵੇਗਾ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰੰਘ ਫੂਲਕਾ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਜ਼ਾਦੀ ਦਿਹਾੜੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ਗਈ। ਇਸ ਮੌਕੇ ਉਨਾਂ ਵੱਖ ਵੱਖ ਵਿਭਾਗਾਂ ਤੋਂ ਤਿਆਰੀਆਂ ਦਾ ਜਾਇਜ਼ਾ ਲਿਆ।
ਉਨਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈ, ਜਲ ਸਪਲਾਈ ਤੇ ਸੈਨੀਟੇਸ਼ਨ ਅਧਿਕਾਰੀਆਂ ਨੂੰ ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਤੇ ਸਿਹਤ ਵਿਭਾਗ ਨੂੰ ਖਾਧ ਸਮੱਗਰੀ ਗੁਣਵੱਤਾ ਦੀ ਪਰਖ ਕਰਵਾਉਣ ਦੀ ਹਦਾਇਤ ਕੀਤੀ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਢਲੀ ਸਹਾਇਤਾ ਵਾਸਤੇ ਮੈਡੀਕਲ ਟੀਮਾਂ ਅਤੇ ਐਂਬੂਲੈਸ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਐਸਡੀਐਮ ਸ੍ਰੀ ਵਰਜੀਤ ਵਾਲੀਆ, ਐਸਪੀ ਜਗਵਿੰਦਰ ਸਿੰਘ ਚੀਮਾ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੇਵਦਰਸ਼ ਸਿੰਘ, ਸਿਵਲ ਸਰਜਨ ਡਾ. ਜਸਬੀਰ ਸਿੰੰਘ ਔਲਖ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।