ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਵਿੱਢੀ ਗਈ ਵੋਟਰ ਜਾਗਰੂਕਤਾ ਮੁਹਿੰਮ
ਅਭਿਆਨ ਦੇ ਤੀਜੇ ਦਿਨ ਘਰ – ਘਰ ਜਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਕੋਵਿਡ –19 ਤੋਂ ਬਚਣ ਦਾ ਵੀ ਦਿੱਤਾ ਗਿਆ ਸੁਨੇਹਾ
ਅੰਮ੍ਰਿਤਸਰ 3 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਵੱਖੋ- ਵੱਖ ਥਾਵਾਂ ਉੱਤੇ ਪ੍ਰੋਗਰਾਮ ਉਲੀਕੇ ਜਾ ਰਹੇ ਨੇ। ਇਸ ਲੜੀ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਵੋਟਿੰਗ ਦੇ ਜਮਹੂਰੀ ਹੱਕ ਬਾਰੇ ਜਾਗਰੂਕ ਕੀਤਾ ਗਿਆ।
ਹੋਰ ਪੜ੍ਹੋ :-ਜਿਲ੍ਹਾ ਚੋਣ ਅਫਸਰ ਵਲੋਂ ‘ਨੋ ਯੂਅਰ ਕੈਂਡੀਡੇਟ’ ਐਪ ਦੀ ਵੱਧ ਤੋਂ ਵੱਧ ਵਰਤੋਂ ਦਾ ਸੱਦਾ
ਇਸ ਮੌਕੇ ਬੋਲਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਹਰ ਇੱਕ ਨੌਜਵਾਨ ਨੂੰ 18 ਸਾਲ ਦਾ ਹੋਣ ‘ਤੇ ਆਪਣੀ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਨੇ ਵੋਟਰਾਂ ਨੂੰ ਜਮਹੂਰੀ ਪ੍ਰੰਪਰਾਵਾਂ ਨੂੰ ਬਣਾਈ ਰੱਖਣ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਡਰ, ਭੈਅ, ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਵੀ ਅਪੀਲ ਕੀਤੀ।
ਇਸ ਮੌਕੇ ਪਿੰਡ ਰਾਮਪੁਰਾ ਦੇ ਸਰਪੰਚ ਸੰਦੀਪ ਲਾਡੀ ਨੇ ਕਿਹਾ ਕਿ ਚੋਣਾਂ ਦੌਰਾਨ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ। ਇਸ ਲਈ ਹਰ ਵਿਅਕਤੀ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਕਿਸੇ ਵੀ ਲੋਕਤੰਤਰ ਨੂੰ ਉਦੋਂ ਹੀ ਮਜ਼ਬੂਤ ਲੋਕਤੰਤਰ ਕਿਹਾ ਜਾਂਦਾ ਹੈ, ਜਦੋਂ ਉਸ ਦੇਸ਼ ਦੇ ਨਾਗਰਿਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਇਕ ਮੋਬਾਈਲ ਵੈਨ ਵੀ ਚਲਾਈ ਗਈ ਹੈ, ਜੋ ਵੱਖੋ ਵੱਖ ਥਾਵਾਂ ਉੱਤੇ ਜਾ ਕੇ ਲੋਕਾਂ ਨੂੰ ਵੋਟਿੰਗ ਦੇ ਜਮਹੂਰੀ ਹੱਕ ਬਾਰੇ ਜਾਗਰੂਕ ਕਰ ਰਹੀ ਹੈ। ਸ਼ਹਿਰ ਵਿਚ ਚਲਾਈ ਗਈ ਇਹ ਮੋਬਾਈਲ ਵੈਨ ਅੰਮ੍ਰਿਤਸਰ ਵਿਚ ਜਾਗਰੂਕਤਾ ਅਭਿਆਨ ਤੋਂ ਬਾਅਦ ਸ਼ੁੱਕਰਵਾਰ ਨੂੰ ਤਰਨਤਾਰਨ ਪੁੱਜੇਗੀ, ਜਿੱਥੇ ਪਿੰਡ – ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।