ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸਮਾਗਮ ਵਿੱਚ ਭਰਨਗੇ ਹਾਜਰੀ -ਡਾ: ਰਾਜ ਕੁਮਾਰ
ਅੰਮ੍ਰਿਤਸਰ, 19 ਅਕਤੂਬਰ 2021
ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 20 ਅਕਤੂਬਰ, 2021 ਨੂੰ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਾ: ਰਾਜ ਕੁਮਾਰ ਵੇਰਕਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਪਾਵਨ ਦਿਹਾੜੇ ਮੌਕੇ ਮੱਥਾ ਟੇਕਣ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਅਸਥਾਨ ਤੇ ਮੱਥਾ ਟੇਕਣ ਦੇ ਨਾਲ ਉਥੇ ਚੱਲਣ ਵਾਲੇ ਧਾਰਮਿਕ ਸਮਾਗਮ ਵਿੱਚ ਹਾਜਰੀ ਭਰੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਲਾਗਤ ਨਾਲ ਤਿਆਰ ਹੋਣ ਵਾਲੇ ਪਨੋਰਮਾ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ ਜਿਸ ਵਿੱਚ ਮਹਾਂਕਾਲ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿਖਿਆਵਾਂ ਨੂੰ ਦਰਸਾਇਆ ਜਾਵੇਗਾ।
ਹੋਰ ਪੜ੍ਹੋ :-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 27 ਨੂੰ
ਡਾ: ਰਾਜ ਕੁਮਾਰ ਵੇਰਕਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਗਮ ਵਿੱਚ ਵੱਧ ਚੜ੍ਹ ਕੇ ਆਪਣੀ ਹਾਜਰੀ ਭਰਨ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ ਵੱਖ ਭਜਨ ਮੰਡਲੀਆਂ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਦਾ ਗੁਨਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਇਸ ਮੌਕੇ ਲੋਕਸਭਾ ਮੈਂਬਰ ਸ: ਗੁਰਜੀਤ ਸਿੰਘ ਔਜਲਾ, ਸ੍ਰੀ ਸੰਜੇ ਕੁਮਾਰ, ਵਿਸ਼ੇਸ਼ ਮੁੱਖ ਸਕੱਤਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਐਸ.ਐਸ.ਪੀ ਦਿਹਾਤੀ ਸ੍ਰੀ ਰਾਕੇਸ਼ ਕੌਸ਼ਲ, ਵਧੀਕ ਡਿਪਟੀ ਕਸ਼ਿਨਰ ਸ੍ਰੀਮਤੀ ਰੂਹੀ ਦੁੱਗ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਐਸ.ਡੀ.ਐਮ. ਸ੍ਰੀ ਦੀਪਕ ਭਾਟੀਆ, ਰੀਜਨਲ ਟਰਾਂਸਪੋਰਟ ਸੈਕਟਰੀ ਸ: ਅਰਸ਼ਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।