ਫਾਜ਼ਿਲਕਾ, 28 ਅਕਤੂਬਰ 2021
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਪਰਾਲੀ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਦੇਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ। ਇਹ ਅਰਜੀਆਂ 2 ਨਵੰਬਰ ਤੱਕ ਪੰਜਾਬ ਸਰਕਾਰ ਦੀ ਵੈਬਸਾਇਟ https://agrimachinerypb.com/ ਤੇ ਆਨਲਾਈਨ ਮੰਗੀਆਂ ਗਈਆਂ ਹਨ। ਇਹ ਅਰਜੀਆਂ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਤੋਂ ਮੰਗੀਆਂ ਗਈਆਂ ਹਨ। ਉਨਾਂ ਨੇ ਸਬੰਧਤ ਨੂੰ ਅਪੀਲ ਕੀਤੀ ਹੈ ਕਿ ਜੋ ਇਹ ਮਸ਼ੀਨਾਂ ਸਬਸਿਡੀ ਤੇ ਪ੍ਰਾਪਤ ਕਰਨਾ ਚਾਹੁੰਦੇ ਹਨ ਉਹ 2 ਨਵੰਬਰ ਤੋਂ ਪਹਿਲਾਂ ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਦੀ ਸ਼ੇ੍ਰਣੀ ਵਿਚ 50 ਫੀਸਦੀ ਅਤੇ ਪੰਚਾਇਤਾ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ਤੇ ਇਹ ਮਸ਼ੀਨਾਂ ਦਿੱਤੀਆਂ ਜਾਣੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।