ਰੂਪਨਗਰ 28 ਸਤੰਬਰ :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਦਿਹਾੜੇ ਨੂੰ ਲੈ ਕੇ ਵਿਦਿਆਰਥੀਆਂ ਦੇ ਚਿੱਤਰਕਲਾ ਅਤੇ ਹੋਰ ਮੁਕਾਬਲੇ ਕਰਵਾਏ ਗਏ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜ਼ਿਲਾ ਸਿੱਖਿਆ ਅਫਸਰ ਜਰਨੈਲ ਸਿੰਘ ਦੀ ਦੇਖ ਰੇਖ ਵਿਚ ਹੋਏ ਇਹਨਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਮੂਹ ਸਰਕਾਰੀ ਸਕੂਲਾਂ ਵਿੱਚ ਸਾਰਾ ਦਿਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਸਮਾਗਮ ਚਲਦੇ ਰਹੇ। ਵਿਦਿਆਰਥੀਆਂ ਨੂੰ ਵੀ ਉਹਨਾਂ ਦੇ ਸੰਘਰਸ਼ਮਈ ਜੀਵਨ ਬਾਰੇ ਅਧਿਆਪਕਾਂ ਵੱਲੋਂ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦਸਿਆ ਕਿ ਇਸ ਤੋਂ ਬਾਅਦ ਵਿਦਿਆਰਥੀਆਂ ਦੇ ਲੇਖ ਲਿਖਣਾ ਅਤੇ ਚਿੱਤਰਕਲਾ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੀਆਂ ਬਹੁਤ ਸੁੰਦਰ ਪੇਂਟਿੰਗ ਅਤੇ ਪੋਸਟਰ ਵੀ ਬਣਾਏ ਗਏ। ਪੰਜਾਬ ਸਰਕਾਰ ਦੇ ਖਟਕੜ ਕਲਾਂ ਵਿਖੇ ਚਲੇ ਸਮਾਗਮ ਦਾ ਲਾਈਵ ਪ੍ਰਸਾਰਣ ਵੀ ਵਿਦਿਆਰਥੀਆਂ ਨੂੰ ਦਿਖਾਇਆ ਗਿਆ। ਉਨ੍ਹਾਂ ਦੱਸਿਆ ਕਿ ਸਮਾਜਿਕ ਬੁਰਾਈਆਂ ਖ਼ਿਲਾਫ਼ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਮੌਕੇ ਸਕੂਲਾਂ ਦੇ ਮੁਖੀ ਅਤੇ ਅਧਿਆਪਕ ਵੀ ਹਾਜ਼ਰ ਸਨ।