ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਨੂੰ ਸੌਂਪੀ ਜ਼ਿੰਮੇਵਾਰੀ

ਜਲੰਧਰ, 27 ਜੁਲਾਈ 2021
15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਰਜੀਤ ਸਿੰਘ ਬੈਂਸ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ‘ਚ ਉਨ੍ਹਾਂ ਅਧਿਕਾਰੀਆਂ ਨੂੰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਮਾਗਮ ਦੀ ਰੂਪ ਰੇਖਾ ਉਲੀਕਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬੈਂਸ ਨੇ ਇਸ ਮੌਕੇ ਕਮਿਸ਼ਨਰੇਟ ਪੁਲਿਸ ਨੂੰ ਸੁਰੱਖਿਆ, ਸੁਚਾਰੂ ਟਰੈਫਿਕ ਵਿਵਸਥਾ, ਢੁੱਕਵੀਂ ਪਾਰਕਿੰਗ, ਸੀ.ਸੀ.ਟੀ.ਵੀ. ਕੈਮਰਿਆਂ ਲਈ ਸਥਾਨ ਨਿਰਧਾਰਿਤ ਕਰਨ ਸਮੇਤ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ‘ਤੇ ਮੈਡੀਕਲ ਟੀਮਾਂ ਦੀ ਤਾਇਨਾਤੀ, ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਦੀ ਨਿਰਵਿਘਨ ਸਪਲਾਈ, ਨਗਰ ਨਿਗਮ ਨੂੰ ਹੋਰ ਇੰਤਜ਼ਾਮਾਂ ਸਮੇਤ ਸਫਾਈ ਵਿਵਸਥਾ ਦੀ ਜ਼ਿੰਮੇਵਾਰੀ ਸੌਂਪਦੇ ਹੋਏ ਵੱਖ-ਵੱਖ ਵਿਭਾਗਾਂ ਨੂੰ ਡਿਊਟੀਆਂ ਦੀ ਵੰਡ ਕੀਤੀ ਅਤੇ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਅਧਿਕਾਰੀਆਂ ਨੂੰ ਸੌਂਪੇ ਗਏ ਕਾਰਜ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਇਕ ਸਮੀਖਿਆ ਮੀਟਿੰਗ 11 ਅਗਸਤ ਨੂੰ ਸਮਾਗਮ ਵਾਲੇ ਸਥਾਨ ‘ਤੇ ਕੀਤੀ ਜਾਵੇਗੀ, ਜਿਸ ਵਿੱਚ ਅਧਿਕਾਰੀਆਂ ਵੱਲੋਂ ਸਮਾਗਮ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ, ਜਿਸ ਵਿੱਚ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਜੀ ਤੌਰ ‘ਤੇ ਮੌਜੂਦ ਰਹਿਣ ਦੀਆਂ ਹਦਾਇਤਾਂ ਦਿੱਤੀਆਂ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਡੀ.ਸੀ.ਪੀ. ਨਰੇਸ਼ ਡੋਗਰਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Spread the love