ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ, 11 ਅਗਸਤ 2021
15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਰਜੀਤ ਸਿੰਘ ਬੈਂਸ ਵੱਲੋਂ ਬੁੱਧਵਾਰ ਨੂੰ ਸਮਾਗਮ ਵਾਲੇ ਸਥਾਨ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮੁੱਚੇ ਸਮਾਗਮ ਦੀ ਸਫ਼ਲਤਾ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਪੂਰੀ ਸਦਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਸਾਡੇ ਸਭ ਲਈ ਬਹੁਤ ਮਹੱਤਵਪੂਰਨ ਹਨ ਕਿਉਂਕਿ ਇਸ ਦਿਨ ਸਾਡੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਆਜ਼ਾਦੀ ਪ੍ਰਾਪਤ ਹੋਈ ਸੀ।
ਉਨ੍ਹਾਂ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ 13 ਅਗਸਤ ਨੂੰ ਹੋਣ ਵਾਲੀ ਫਾਈਨਲ ਰਿਹਰਸਲ ਤੋਂ ਪਹਿਲਾਂ-ਪਹਿਲਾਂ ਸਮੁੱਚੇ ਪ੍ਰਬੰਧ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸਰਕਾਰ ਤੋਂ ਪ੍ਰਾਪਤ ਹੋਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ‘ਚ ਹੀ ਸਮਾਗਮ ਕੀਤਾ ਜਾਵੇਗਾ ਅਤੇ ਇਸ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ.ਆਈ.ਪੀ ਦੀ ਆਮਦ ਤੇ ਸੁਰੱਖਿਆ, ਪਰੇਡ ਦੀ ਤਿਆਰੀ, ਸਟੇਡੀਅਮ ਦੀ ਸਾਫ਼ ਸਫ਼ਾਈ ਤੇ ਸਜਾਵਟ, ਨਿਰਵਿਘਨ ਬਿਜਲੀ ਸਪਲਾਈ, ਢੁੱਕਵੀਂ ਪਾਰਕਿੰਗ,ਫਾਇਰ ਟੈਂਡਰ, ਮੈਡੀਕਲ ਸਹਾਇਤਾ, ਪੀਣ ਵਾਲੇ ਪਾਣੀ ਦੇ ਪ੍ਰਬੰਧ ਸਮੇਤ ਹੋਰ ਕਾਰਜਾਂ ਸਬੰਧੀ ਹਦਾਇਤਾਂ ਦਿੱਤੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ, ਤਹਿਸੀਲਦਾਰ ਮਨੋਹਰ ਲਾਲ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Spread the love