ਆਪਣੇ ਅਤੇ ਆਪਣੇ ਪਰਿਵਾਰ ਨੂੰ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਕਰਨ ਲੋਕ : ਅਰੋੜਾ

ਆਪਣੇ ਅਤੇ ਆਪਣੇ ਪਰਿਵਾਰ ਨੂੰ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਕਰਨ ਲੋਕ : ਅਰੋੜਾ

-ਕੈਬਨਿਟ ਮੰਤਰੀ ਨੇ ਮੁਹੱਲਾ ਭਗਤ ਨਗਰ ਦੀਆਂ ਝੂੱਗੀਆਂ ’ਚ ਬੱਚਿਆਂ ਨੂੰ ਪਿਲਾਈਆਂ ਪਲਸ ਪੋਲੀਓ ਬੂੰਦਾਂ
-ਸਿਹਤ ਟੀਮਾਂ ਨੂੰ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੀ ਵੀ ਕੀਤੀ ਅਪੀਲ
-ਜ਼ਿਲ੍ਹੇ ਦੀਆਂ 171 ਟੀਮਾਂ ਵਲੋਂ 27662 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪਲਸ ਪੋਲੀਓ ਬੂੰਦਾਂ
ਹੁਸ਼ਿਆਰਪੁਰ, 21 ਸਤੰਬਰ:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਆਪਣੇ ਅਤੇ ਆਪਣੇ ਪਰਿਵਾਰ ਨੂੰ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਹੀ ਅਸੀਂ ਸਿਹਤਮੰਦ ਰਹਿ ਸਕਦੇ ਹਾਂ। ਉਹ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਭਗਤ ਨਗਰ ਦੀਆਂ ਝੱੂਗੀਆਂ ਵਿੱਚ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਦੌਰਾਨ ਉਥੇ ਦੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਅਤੇ ਲੋਕਾਂ ਨੂੰ ਸਿਹਤ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ.ਐਮ.ਓ. ਡਾ. ਜਸਵਿੰਦਰ ਸਿੰਘ ਸਿਹਤ ਟੀਮ ਨਾਲ ਮੌਜੂਦ ਸਨ।
ਕੈਬਨਿਟ ਮੰਤਰੀ ਅਰੋੜਾ ਨੇ ਸਿਹਤ ਟੀਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਲਸ ਪੋਲੀਓ ਬੂੰਦਾਂ ਪਿਲਾਉਣ ਦੇ ਨਾਲ-ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਸਬੰਧੀ ਸਾਵਧਾਨੀਆਂ ਅਪਨਾਉਣ ਲਈ ਵੀ ਪ੍ਰੇਰਿਤ ਕਰਨ ਅਤੇ ਕੋਵਿਡ-19 ਤੋਂ ਬਚਾਅ ਦੇ ਦਿਸ਼ਾ-ਨਿਰਦੇਸ਼ਾਂ ਦੀ ਵੀ ਪੂਰੀ ਪਾਲਣਾ ਕਰਨ। ਉਨ੍ਹਾਂ ਲੋਕਾਂ ਨੂੰ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਿਹਤ ਵਿਭਾਗ ਵਲੋਂ 22 ਸਤੰਬਰ ਤੱਕ ਝੂੱਗੀ ਝੌਂਪੜੀਆਂ ਵਿੱਚ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਅਤੇ ਉਹ ਆਉਣ ਵਾਲੀ ਪੈਰਾ ਮੈਡੀਕਲ ਟੀਮਾਂ ਨੂੰ ਸਹਿਯੋਗ ਕਰਕੇ ਆਪਣੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮਾਈਗ੍ਰੇਟਰੀ ਪੋਲੀਓ ਰਾਉਂਡ ਦੌਰਾਨ ਸਿਹਤ ਵਿਭਾਗ ਦੀਆਂ 171 ਟੀਮਾਂ ਵਲੋਂ ਪ੍ਰਵਾਸੀ ਆਬਾਦੀ ਨੂੰ ਕਵਰ ਕਰਨ ਲਈ 27662 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਸਾਨੂੰ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਉਨ੍ਹਾਂ ਨੂੰ ਪੋਲੀਓ ਬਚਾਉਣਾ ਹੈ ਅਤੇ ਘਰ ਆਈਆਂ ਟੀਮਾਂ ਨੂੰ ਸਹਿਯੋਗ ਦੇਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਦੇਸ਼ ਵਿੱਚ ਸਾਲ 2011 ਤੋਂ ਪੋਲੀਓ ਦਾ ਇਕ ਵੀ ਕੇਸ ਨਾ ਆਉਣਾ ਬਹੁਤ ਖੁਸ਼ੀ ਦੀ ਗੱਲ ਹੈ, ਪਰੰਤੂ ਭਾਰਤ ਦੇ ਗਵਾਂਢੀ ਦੇਸ਼ਾਂ ਵਿੱਚ ਅਜੇ ਵੀ ਇਹ ਮਾਮਲੇ ਸਾਹਮਣੇ ਆ ਰਹੇ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਦੀ ਸਿਹਤ ਦੀ ਖੁਦ ਚਿੰਤਾ ਕਰਨੀ ਚਾਹੀਦੀ ਹੈ।

Spread the love