ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਮਾਤਾ ਸਰਦਾਰਨੀ ਗੁਲਾਬ ਕੌਰ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪ੍ਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਦੁੱਖ ਸਹਿਣ ਲਈ ਬਲ ਬਖਸ਼ੇ-ਭਗਵੰਤ ਮਾਨ
ਸਮੁੱਚੀ ਪਾਰਟੀ ਦੁੱਖ ਦੀ ਇਸ ਘੜੀ ਵਿਚ ਵਿਧਾਇਕ ਕੁਲਵੰਤ ਪੰਡੋਰੀ ਦੇ ਨਾਲ-ਹਰਪਾਲ ਚੀਮਾ
ਚੰਡੀਗਡ਼੍ਹ, 24 ਮਈ,2021
ਆਮ ਆਦਮੀ ਪਾਰਟੀ ਵੱਲੋਂ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਮਾਤਾ ਸਰਦਾਰਨੀ ਗੁਲਾਬ ਕੌਰ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੰਦਿਆਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ। ਆਪਣੇ ਬਿਆਨ ਵਿੱਚ ਪਾਰਟੀ ਆਗੂਆਂ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਪੰਜਾਬ ਇਕਾਈ ਵਿਧਾਇਕ ਕੁਲਵੰਤ ਪੰਡੋਰੀ ਦੇ ਨਾਲ ਖਡ਼੍ਹੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਅਜਿਹੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੋਂ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਲਈ ਬਲ ਬਖ਼ਸ਼ੇ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਮਾਤਾ ਗੁਲਾਬ ਕੌਰ ਨਿੱਘੇ ਸੁਭਾਅ ਦੇ ਮਾਲਕ ਸਨ ਅਤੇ ਹਮੇਸ਼ਾ ਸਮਾਜ ਵਿੱਚ ਵਿਚਰ ਕੇ ਸਮਾਜ ਦੀ ਭਲਾਈ ਲਈ ਕਾਰਜ ਕਰਨ ਲਈ ਤੱਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਦੀ ਘਾਟ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਉਸ ਪ੍ਰਮਾਤਮਾ ਦੇ ਭਾਣੇ ਨੂੰ ਮੰਨਣਾ ਹੀ ਮਨੁੱਖ ਲਈ ਇੱਕੋ ਇੱਕ ਰਸਤਾ ਹੁੰਦਾ ਹੈ। ਗੌਰਤਲਬ ਹੈ ਕਿ ਮਾਤਾ ਗੁਲਾਬ ਕੌਰ ਪਿਛਲੇ ਕਾਫੀ ਦਿਨਾਂ ਤੋਂ ਕਰੋਨਾ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਅੱਜ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿਚ ਉਨ੍ਹਾਂ ਨੇ ਆਖ਼ਰੀ ਸਾਹ ਲਏ।

Spread the love