ਡੀ ਸੀ ਨੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ
ਏਜੰਸੀਆਂ ਨੇ 31126 ਮੀਟਰਿਕ ਟਨ ਦੀ ਆਮਦ ਦੇ ਮੁਕਾਬਲੇ 28106 ਮੀਟਰਿਕ ਟਨ ਦੀ ਖਰੀਦ ਕੀਤੀ
ਐਸ.ਏ.ਐਸ.ਨਗਰ, 11 ਅਕਤੂਬਰ, 2024
ਐਸ.ਏ.ਐਸ.ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸ਼ੁੱਕਰਵਾਰ ਸ਼ਾਮ ਤੱਕ 31126 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 28106 ਮੀਟਰਿਕ ਟਨ ਦੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 17 ਖਰੀਦ ਕੇਂਦਰਾਂ ਵਿੱਚ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਨ੍ਹਾਂ ਵਿੱਚ ਪਨਗ੍ਰੇਨ, ਪਨਸਪ, ਪੰਜਾਬ ਰਾਜ ਗੁਦਾਮ ਨਿਗਮ, ਮਾਰਕਫੈੱਡ ਅਤੇ ਭਾਰਤੀ ਖੁਰਾਕ ਨਿਗਮ ਖਰੀਦ ਕਾਰਜਾਂ ਵਿੱਚ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਅੱਜ ਤੋਂ ਡੇਰਾਬੱਸੀ, ਲਾਲੜੂ, ਜੜੌਤ ਅਤੇ ਖਰੜ ਮੰਡੀਆਂ ਵਿੱਚ ਲਿਫਟਿੰਗ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਬਾਕੀ ਮੰਡੀਆਂ ਵਿੱਚ ਵੀ ਇੱਕ-ਦੋ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।