ਕਿਸਾਨਾਂ ਨੂੰ ਫਲਾਂ ਤੇ ਸਬਜ਼ੀਆਂ ਦੇ ਮੰਡੀਕਰਨ ‘ਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਡਾਇਰੈਕਟਰ
ਪਟਿਆਲਾ, 6 ਮਈ:
ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਲਗਾਈਆਂ ਪਾਬੰਦੀਆਂ ਦੌਰਾਨ ਕਿਸਾਨਾਂ ਨੂੰ ਆਪਣੇ ਫਲਾਂ ਅਤੇ ਸਬਜ਼ੀਆਂ ਦੇ ਮੰਡੀਕਰਨ ‘ਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਇਸ ਲਈ ਬਾਗਬਾਨੀ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਆਪਣੀਆਂ ਸਬਜ਼ੀਆਂ, ਫਲ-ਫੁੱਲ ਅਤੇ ਖੁੰਬਾਂ ਦੀ ਫ਼ਸਲ ਨੂੰ ਮੰਡੀ ‘ਚ ਲੈਕੇ ਜਾਣ ‘ਚ ਕਿਸੇ ਕਿਸਮ ਦੀ ਪਰੇਸ਼ਾਨੀ ਹੈ ਤਾਂ ਉਹ ਬਾਗਬਾਨੀ ਵਿਭਾਗ ਦੇ ਬਲਾਕ ਪੱਧਰ ਜਾਂ ਫੇਰ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਬਾਗਬਾਨੀ ਵਿਭਾਗ ਜਿਥੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਹੈ, ਉਥੇ ਹੀ ਸਬਜ਼ੀਆਂ, ਫਲ-ਫੁੱਲ, ਖੁੰਬਾਂ ਆਦਿ ਦੀ ਮਾਰਕੀਟਿੰਗ ਕਰਨ ਲਈ ਵੀ ਉਤਸ਼ਾਹਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਭਾਵੇਂ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆ ਰਹੀ ਜੇਕਰ ਫੇਰ ਵੀ ਮਾਰਕੀਟਿੰਗ ਦੀ ਸਮੱਸਿਆ ਆਉਂਦੀ ਹੈ ਤਾਂ ਬਾਗਬਾਨੀ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਫ਼ੋਨ ਨੰਬਰ 0175-2308910 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਵਿਭਾਗ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।