ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵਿੱਚ ਇੰਡੀਆ ਅਲਾਇੰਸ ਦੇ ਉਮੀਦਵਾਰਾਂ ਦੀ ਜਿੱਤ ਤੈਅ
ਐਸ. ਏ. ਐਸ. ਨਗਰ ( ਮੋਹਾਲੀ / ਚੰਡੀਗੜ੍ਹ) 28 ਜਨਵਰੀ, 2024
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਾ ਕਰਵਾ ਕੇ ਭਾਜਪਾ ਨੇ ਲੋਕਤੰਤਰ ਦੀ ਹੱਤਿਆ ਕੀਤੀ ਹੈ। ਉਹਨਾਂ ਕਿਹਾ ਕਿ ਭਾਜਪਾ ਨੇ 18 ਜਨਵਰੀ ਨੂੰ ਹੋਣ ਵਾਲੀ ਚੋਣ ਨੂੰ ਹਾਰ ਦੇ ਡਰ ਤੋਂ ਜਾਨਬੂਝ ਕੇ ਟਾਲਿਆ ਹੈ। ਜੇਕਰ ਉਸ ਦਿਨ ਚੋਣ ਕਰਵਾਉਣ ਵਾਲੇ ਅਧਿਕਾਰੀ ਦੀ ਤਬੀਅਤ ਖਰਾਬ ਹੋ ਗਈ ਸੀ ਤਾਂ ਤੁਰੰਤ ਕਿਸੇ ਹੋਰ ਅਧਿਕਾਰੀ ਦੀ ਅਗਵਾਈ ਹੇਠ ਚੋਣ ਕਰਵਾਈ ਜਾ ਸਕਦੀ ਸੀ।
ਸ. ਬਰਸਟ ਨੇ ਕਿਹਾ ਕਿ ਚੰਡੀਗੜ੍ਹ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਾਂਝੇ ਤੌਰ ਤੇ ਚੋਣ ਲੜ ਰਹੇ ਹਨ। ਅਜਿਹੇ ਹਾਲਾਤ ਵਿੱਚ ਭਾਜਪਾ ਦਾ ਸੱਤਾ ਦੇ ਵਿੱਚੋਂ ਬਾਹਰ ਹੋਣਾ ਤੈਅ ਹੈ। ਇਸੇ ਕਰਕੇ ਭਾਜਪਾ ਵੱਲੋਂ ਜਾਣ ਬੁਝ ਕੇ ਕੋਈ ਨਾ ਕੋਈ ਬਹਾਨਾ ਬਣਾ ਕੇ ਚੋਣਾਂ ਨੂੰ ਟਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਨੇ ਕਾਂਗਰਸ ਦੇ ਮੇਅਰ ਦੇ ਉਮੀਦਵਾਰ ਜਸਬੀਰ ਸਿੰਘ ਬੰਟੀ ਦੇ ਨਾਮਜਦਗੀ ਪੱਤਰ ਵਾਪਸ ਨਹੀਂ ਲੈਣ ਦਿੱਤੇ ਅਤੇ ਉਸ ਤੋਂ ਬਾਅਦ ਚੋਣਾਂ ਨੂੰ ਹੀ ਟਾਲ ਦਿੱਤਾ ਗਿਆ ਹੈ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਚੋਣ ਲਈ 30 ਜਨਵਰੀ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਇੰਡੀਆ ਅਲਾਇੰਸ ਦੇ ਉਮੀਦਵਾਰ ਜਿੱਤ ਹਾਸਿਲ ਕਰਨਗੇ।
ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਨੂੰ ਚੰਡੀਗੜ੍ਹ ਨਗਰ ਨਿਗਮ ਵਿੱਚੋਂ ਬਾਹਰ ਕੀਤਾ ਜਾਵੇਗਾ, ਉਸ ਤੋਂ ਬਾਅਦ ਆਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਨੂੰ ਹਰਾ ਕੇ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ। ਸ. ਬਰਸਟ ਨੇ ਕਿਹਾ ਕਿ ਭਾਜਪਾ ਦਾ ਅਸਲ ਚਿਹਰਾ ਲੋਕ ਪਹਿਚਾਣ ਚੁੱਕੇ ਹਨ। ਹੁਣ ਉਹ ਝੂਠ ਬੋਲ ਕੇ ਲੋਕਾਂ ਨੂੰ ਵਰਗਲਾਉਣ ਵਾਲਿਆਂ ਦੀ ਥਾਂ ਕੰਮ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਪਸੰਦ ਕਰ ਰਹੇ ਹਨ। ਇਸ ਲਈ ਆਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਲੋਕ ਭਾਜਪਾ ਦੀ ਥਾਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ।