ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 172897 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

ਹੁਣ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ’ਚ 240.63 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋਈ
ਹੁਸ਼ਿਆਰਪੁਰ, 27 ਅਪ੍ਰੈਲ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 173988 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਵੱਖ-ਵੱਖ ਏਜੰਸੀਆਂ ਵਲੋਂ 172897 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 38742 ਮੀਟ੍ਰਿਕ ਟਨ, ਮਾਰਕਫੈਡ ਵਲੋਂ 40890, ਪਨਸਪ ਵਲੋਂ 31292, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 22883 ਅਤੇ ਐਫ.ਸੀ.ਆਈ. ਵਲੋਂ 39080 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 240.63 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਖਰੀਦੀ ਜਾ ਰਹੀ ਹੈ, ਉਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਅਪਨੀਤ ਰਿਆਤ ਨੇ ਕਿਹਾ ਕਿ ਕਿਸਾਨ ਕਣਕ ਦੀ ਕਟਾਈ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਉਕਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕਟਾਈ ਕੀਤੀ ਜਾਂਦੀ ਹੈ, ਤਾਂ ਸਬੰਧਤ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਬਲਕਿ ਇਸ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਨਾੜ ਅਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।

Spread the love