ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ’ਚ ਲਗਾਏ ਗਏ ਇਕ ਰੋਜ਼ਾ ਰੋਜ਼ਗਾਰ ਮੇਲੇ ’ਚ 207 ਨੌਜਵਾਨਾਂ ਦੀ ਨਾਮੀ ਕੰਪਨੀਆਂ ’ਚ ਹੋਈ ਪਲੇਸਮੈਂਟ
ਹੁਸ਼ਿਆਰਪੁਰ, 19 ਅਪ੍ਰੈਲ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੇਲਿਆਂ ਤਹਿਤ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਕੜੀ ਵਿੱਚ ਜ਼ਿਲ੍ਹੇ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਨੌਜਵਾਨਾਂ ਲਈ ਲਾਭਦਾਇਕ ਸਾਬਤ ਹੋ ਰਹੇ ਹਨ। ਉਹ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਮਹੀਨੇ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਵਿੱਚ ਸੈਂਕੜੇ ਨੌਜਵਾਨਾਂ ਦੀ ਉਨ੍ਹਾਂ ਯੋਗਤਾ ਅਨੁਸਾਰ ਵੱਖ-ਵੱਖ ਸਥਾਨਾਂ ’ਤੇ ਪਲੇਸਮੈਂਟ ਹੋਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਲੱਗੇ ਇਸ ਰੋਜ਼ਾ ਰੋਜ਼ਗਾਰ ਮੇਲੇ ਵਿੱਚ ਸੈਂਕੜੇ ਨੌਜਵਾਨਾਂ ਨੇ ਸ਼ਿਰਕਤ ਕੀਤੀ, ਜਿਸ ਵਿੱਚੋਂ 207 ਨੌਜਵਾਨਾਂ ਦੀ ਕੰਪਨੀਆਂ ਵਲੋਂ ਇੰਟਰਵਿਊ ਲੈ ਕੇ ਮੌਕੇ ’ਤੇ ਹੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਲੂਮੀਨਸ, ਹੈਵਲਜ਼, ਅਜਾਇਲ ਹਰਬਲ, ਬਿਗ ਬਾਜ਼ਾਰ, ਬਜਾਜ ਇਲੈਕਟ੍ਰੋਨਿਕਸ, ਓਕਾਇਆ ਇੰਟਰਨੈਸ਼ਨਲ ਆਦਿ ਕੰਪਨੀਆਂ ਵਲੋਂ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਿਆ ਰਾਹੀਂ ਜਿਥੇ ਨੌਜਵਾਨਾਂ ਨੂੰ ਇਕ ਛੱਤ ਹੇਠਾਂ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਨੌਜਵਾਨਾਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਵੈਰੋਜ਼ਗਾਰ ਪ੍ਰੋਗਰਾਮਾਂ ਪ੍ਰਤੀ ਉਤਸ਼ਾਹਿਤ ਕਰਕੇ ਬੈਂਕਾਂ ਵਲੋਂ ਕਰਜ਼ੇ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਪੈਰ੍ਹਾਂ ’ਤੇ ਖੜ੍ਹਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੁੱਖ ਭੂਮਿਕਾ ਨਿਭਾਅ ਰਿਹਾ ਹੈ। ਇਸ ਤਹਿਤ ਜਿਥੇ ਉਨ੍ਹਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਆਪਣਾ ਕਾਰੋਬਾਰ ਖੋਲ੍ਹਣ ਲਈ ਕਰਜੇ ਆਦਿ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਬੇਰੋਜ਼ਗਾਰੀ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲਿਆਂ ਵਿੱਚ ਜਿਥੇ ਕੰਪਨੀਆਂ ਤੇ ਸੰਸਥਾਵਾਂ ਨੂੰ ਕੁਸ਼ਲ ਉਮੀਦਵਾਰ ਮਿਲ ਜਾਂਦੇ ਹਨ, ਉਥੇ ਬੋਰੁਜ਼ਗਾਰਾਂ ਨੂੰ ਵੀ ਇਕ ਹੀ ਥਾਂ ’ਤੇ ਵੱਡੀਆਂ ਸੰਸਥਾਵਾਂ ਨਾਲ ਮਿਲਣ ਦਾ ਮੌਕਾ ਮਿਲ ਜਾਂਦਾ ਹੈ।
ਰੋਜ਼ਗਾਰ ਮੇਲੇ ਵਿੱਚ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਦਾ ਹੌਂਸਲਾ ਵਧਾਉਂਦੇ ਹੋਏ ਰੋਜ਼ਗਾਰ ਹਾਸਲ ਕਰਨ ਆਏ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਆਦਿਤਿਆ ਰਾਣਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।