ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਐਲਾਨ

MOHAN LAL SOOD
ਹਾਈ ਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ - ਇੰਜ ਮੋਹਨ ਲਾਲ ਸੂਦ, ਚੇਅਰਮੈਨ 

ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਮਿਲੇਗੀ 41.48 ਕਰੋੜ ਰੁਪਏ ਦੀ ਰਾਹਤ : ਇੰਜ. ਮੋਹਨ ਲਾਲ ਸੂਦ
ਕੈਪਟਨ ਸਰਕਾਰ ਵੱਲੋਂ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਦੇ 86.89 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ
ਜਲੰਧਰ, 17 ਅਗਸਤ 2021
ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਾਸੋਂ ਮਿਤੀ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50,000 ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰ ਕੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਲਗਭਗ 10151 ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ। ਇਹ ਪ੍ਰਗਟਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਨੇ ਮੁੱਖ ਮੰਤਰੀ, ਪੰਜਾਬ ਵੱਲੋਂ ਕੀਤੇ ਇਸ ਐਲਾਨ ਦਾ ਸਵਾਗਤ ਕਰਦਿਆਂ ਕੀਤਾ।
ਇਸ ਲੋਕ ਪੱਖੀ ਫੈਸਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੱਤਰ ਲਿਖ ਕੇ ਇਹ ਅਤਿ ਮਹੱਤਵਪੂਰਨ ਮੁੱਦਾ ਮੁੱਖ ਮੰਤਰੀ, ਪੰਜਾਬ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇਂ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਕੇ ਕਿਰਸਾਨੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਉਸੇ ਤਰਜ਼ ‘ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ ਕਿਉਂਕਿ ਕੋਰੋਨਾ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ, ਜੋ ਕਰਜ਼ਾ ਚੁੱਕ ਦੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸਨ, ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ‘ਤੇ ਮੁੱਖ ਮੰਤਰੀ ਵੱਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ।
ਇੰਜ. ਸੂਦ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹੇ ਹਨ ਅਤੇ ਇਸੇ ਲੜੀ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਪਾਸੋਂ 50,000 ਰੁਪਏ ਤੱਕ ਦਾ ਕਰਜ਼ਾ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਦਾ ਕਰਜ਼ਾ ਮੁਆਫ਼ ਕਰਕੇ 14,260 ਕਰਜ਼ਾਦਾਰਾਂ ਨੂੰ 45.41 ਕਰੋੜ ਰੁਪਏ ਦੀ ਭਾਰੀ ਰਾਹਤ ਦਿੱਤੀ ਗਈ ਸੀ।
ਉਨ੍ਹਾਂ ਅੱਗੇ ਦੱਸਦਿਆਂ ਕਿਹਾ ਕਿ ਇਸ ਤਰ੍ਹਾਂ ਕੈਪਟਨ ਸਰਕਾਰ ਵੱਲੋਂ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਦੇ ਕਰਜ਼ਾਦਾਰਾਂ ਨੂੰ 86.89 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਲਈ ਉਹ ਮੁੱਖ ਮੰਤਰੀ, ਪੰਜਾਬ ਦੇ ਸ਼ੁਕਰਗੁਜ਼ਾਰ ਹਨ ਅਤੇ ਇਸ ਫੈਸਲੇ ਨਾਲ ਦਲਿਤ ਸਮਾਜ ਵਿਚ ਖੁਸ਼ੀ ਦੇ ਲਹਿਰ ਦੌੜ ਗਈ ਹੈ।
ਚੇਅਰਮੈਨ ਇੰਜ. ਸੂਦ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ੇ ਮੁਆਫੀ ਨਾਲ ਹੀ ਰਾਹਤ ਨਹੀਂ ਦਿੱਤੀ ਸਗੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹੱਈਆ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜ਼ਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜ਼ਾ (ਸਮੇਤ 1.35 ਕਰੋੜ ਰੁਪਏ ਦੀ ਸਬਸਿਡੀ) ਮੁਹੱਈਆ ਕਰਵਾਇਆ ਗਿਆ।
ਇਸ ਤੋਂ ਇਲਾਵਾ ਕੋਰੋਨਾ ਮਹਾਮਾਰੀ ਕਾਰਨ ਤਾਲਾਬੰਦੀ ਹੋਣ ਦੇ ਬਾਵਜੂਦ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜ਼ਾ (ਸਮੇਤ 1.65 ਕਰੋੜ ਰੁਪਏ ਦੀ ਸਬਸਿਡੀ) ਵੰਡਿਆ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਮੌਜੂਦਾ ਵਿੱਤੀ ਸਾਲ ਨੂੰ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ‘ਤੇ ਗੋਲਡਨ ਜੁਬਲੀ ਵਰ੍ਹੇ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਿੱਧਾ ਕਰਜ਼ਾ ਸਕੀਮ ਅਧੀਨ ਕਰਜ਼ੇ ਵੰਡਣ ਦਾ ਟੀਚਾ 500.00 ਲੱਖ ਰੁਪਏ ਤੋਂ ਵਧਾ ਕੇ 1000.00 ਲੱਖ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਇਸ ਸਬੰਧ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜ਼ਦਾਰਾਂ ਨੂੰ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਵਿਚ ਮੁੱਲਾਂਪੁਰ ਦਾਖਾ, ਬੰਗਾ, ਅੰਮ੍ਰਿਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ।

Spread the love