ਬਰਨਾਲਾ, 9 ਸਤੰਬਰ 2021
ਕੇਂਦਰ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸਕੂਲ ਸਿੱਖਿਆ ਦੀ ਸਥਿਤੀ ਜਾਣਨ ਬਾਰੇ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਪ੍ਰਤੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ’ਚ ਉਤਸ਼ਾਹ ਹੈ।
ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਨੇ ਦੱਸਿਆ ਕਿ ਇਸ ਵਰੇ 12 ਨਵੰਬਰ ਨੂੰ ਹੋਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚੋਂ ਸੂਬੇ ਨੂੰ ਮੋਹਰੀ ਬਣਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਤਿਆਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਸ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਦੀ ਬੁਨਿਆਦੀ ਸਹੂਲਤਾਂ ਪੱਖੋਂ ਨੁਹਾਰ ਤਬਦੀਲੀ ਦੇ ਨਾਲ ਨਾਲ ਪੜਾਉਣ ਲਈ ਵੀ ਪ੍ਰਾਜੈਕਟਰ, ਐਲ.ਸੀ.ਡੀ ਤੇ ਹੋਰ ਆਧੁਨਿਕ ਡਿਜ਼ੀਟਲ ਉਪਕਰਨ ਮੁਹੱਈਆ ਕਰਵਾਏ ਗਏ ਹਨ। ਅਧਿਆਪਕਾਂ ਵੱਲੋਂ ਇਨਾਂ ਉਪਕਰਨਾਂ ਦੇ ਇਸਤੇਮਾਲ ਨਾਲ ਜਿੱਥੇ ਪਾਠਕ੍ਰਮ ਦੀ ਪੜਾਈ ਕਰਵਾਈ ਜਾ ਰਹੀ ਹੈ, ਉੱਥੇ ਹੀ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ। ਸਰਵੇਖਣ ਪ੍ਰੀਖਿਆ ਦੌਰਾਨ ਮੁਹੱਈਆ ਕਰਵਾਈ ਜਾਣ ਵਾਲੀ ਓ.ਐਮ.ਆਰ ਸ਼ੀਟ ਦੇ ਉਪਯੋਗ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਮੁੱਖ ਦਫਤਰ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਸਰਵੇਖਣ ਪ੍ਰੀਖਿਆ ਨਾਲ ਸੰਬੰਧਿਤ ਆਨਲਾਈਨ ਟੈਸਟਾਂ ’ਚ ਵਿਦਿਆਰਥੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਸ਼ਿਰਕਤ ਕੀਤੀ ਜਾ ਰਹੀ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਜਾਰੀ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ ਵਿੱਚ ਪੰਜਾਬ ਵੱਲੋਂ ਪ੍ਰਾਪਤ ਕੀਤੀ ਪਹਿਲੀ ਪੁਜ਼ੀਸ਼ਨ ਨੂੰ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਵੀ ਬਰਕਰਾਰ ਰੱਖਣ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸਖਤ ਮਿਹਨਤ ਕੀਤੀ ਜਾ ਰਹੀ ਹੈ।
ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਵੇਖਣ ਟੈਸਟ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀਆਂ ਵੀ ਸਿਖਲਾਈ ਵਰਕਸ਼ਾਪਾਂ ਲਗਾ ਕੇ ਸਰਵੇਖਣ ਟੈਸਟ ਦੇ ਹਰ ਪਹਿਲੂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਹਰੀਸ਼ ਬਾਂਸਲ ਪਿ੍ਰੰਸੀਪਲ ਜ਼ਿਲਾ ਮੈਂਟਰ ਵਿਗਿਆਨ, ਅਮਨਿੰਦਰ ਸਿੰਘ ਜ਼ਿਲਾ ਮੈਂਟਰ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਤੇ ਕਮਲਦੀਪ ਜ਼ਿਲਾ ਮੈਂਟਰ ਗਣਿਤ ਨੇ ਦੱਸਿਆ ਕਿ ਪੜੋ ਪੰਜਾਬ ਟੀਮਾਂ ਦੇ ਸਮੂਹ ਜ਼ਿਲਾ ਅਤੇ ਬਲਾਕ ਮੈਂਟਰਾਂ ਵੱਲੋਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ।
ਕੈਪਸ਼ਨ: ਪ੍ਰਾਜੈਕਟਰ ਦੀ ਮਦਦ ਨਾਲ ਓਐਮਆਰ ਸ਼ੀਟ ਭਰਨ ਦੀ ਜਾਣਕਾਰੀ ਦਿੰਦਾ ਸਰਕਾਰੀ ਸਕੂਲ ਦਾ ਅਧਿਆਪਕ।