ਅਸ਼ੀਰਵਾਦ ਸਕੀਮ ਤਹਿਤ ਫਾਜ਼ਿਲਕਾ ਦੇ ਗੈਰ ਅਨੁਸੂਚਿਤ ਜਾਤੀਆਂ ਲਈ 83 ਲੱਖ 64 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ: ਡਿਪਟੀ ਕਮਿਸ਼ਨਰ

ਅਸ਼ੀਰਵਾਦ ਸਕੀਮ ਤਹਿਤ ਫਾਜ਼ਿਲਕਾ ਦੇ ਮਾਰਚ 2023 ਦੇ 164 ਲਾਭਪਾਤਰੀਆਂ ਨੂੰ ਦਿੱਤਾ ਲਾਭ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗੈਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ

ਫਾਜ਼ਿਲਕਾ 6 ਜਨਵਰੀ 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਗੈਰ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਗੈਰ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 83 ਲੱਖ 64 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ  ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਫਾਜ਼ਿਲਕਾ ਦੇ ਗੈਰ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 164 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਨ੍ਹਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗੈਰ ਅਨੁਸੂਚਿਤ ਜਾਤੀ ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਗੈਰ ਅਨੁਸੂਚਿਤ ਜਾਤੀਆਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Spread the love