ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਦਿੱਤੀ ਗਈ ਈ-ਵਿਨ ਐੱਪ ਦੇ ਨਵੇਂ ਵਰਜਨ ਦੀ ਟ੍ਰੇਨਿੰਗ
ਨਵਾਂਸ਼ਹਿਰ, 3 ਅਗਸਤ 2021 ਸ਼ਹੀਦ ਭਗਤ ਸਿੰਘ ਨਗਰ ਦੇ ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿਚ ਕੋਲਡ ਚੇਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫਤਰ ਦੇ ਟ੍ਰੇਨਿੰਗ ਹਾਲ ਵਿਖੇ ਆਨਲਾਈਨ ਵੈਕਸੀਨ ਐੱਪ “ਈਵਿਨ” ਦੇ ਨਵੇਂ ਵਰਜਨ ‘ਏ.ਈ.’ ਦੀ ਟ੍ਰੇਨਿੰਗ ਦਿੱਤੀ ਗਈ, ਜਿਸ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਐੱਲ.ਐੱਚ.ਵੀਜ਼ ਅਤੇ ਏ.ਐੱਨ.ਐੱਮਜ਼ ਨੇ ਭਾਗ ਲਿਆ।
ਟ੍ਰੇਨਿੰਗ ਦੀ ਸ਼ੁਰੂਆਤ ਵਿਚ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ ਨੇ ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੂੰ ‘ਜੀ ਆਇਆਂ ਨੂੰ’ ਆਖਿਆ ਅਤੇ ਟ੍ਰੇਨਿੰਗ ਦੀ ਸ਼ੁਰੂਆਤ ਕਰਨ ਦੀ ਆਗਿਆ ਲਈ। ਡਾ. ਰਾਏ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੈਕਸਾਈਨ ਸਪਲਾਈ, ਉਪਲੱਬਧਤਾ, ਵੰਡ ਅਤੇ ਖਪਤ ਸਬੰਧੀ ਕਰਵਾਈ ਜਾ ਰਹੀ ਈ-ਵਿਨ ਦੀ ਇਹ ਟ੍ਰੇਨਿੰਗ ਬਹੁਤ ਮਹੱਤਵਪੂਰਨ ਹੈ, ਕਿਉਂਕਿ ਮੌਜੂਦਾ ਸਮੇਂ ਵਿਚ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਤਕਨੀਕਾਂ ਲਿਆਂਦੀਆਂ ਜਾ ਰਹੀਆਂ ਹਨ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਈ-ਵਿਨ ਤਕਨੀਕ ਨੂੰ ਅਮਲ ਵਿਚ ਲਿਆਉਣ ਦਾ ਮੁੱਖ ਉਦੇਸ਼ ਟੀਕਾਕਰਨ ਸਪਲਾਈ ਚੇਨ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਪ੍ਰੋਗਰਾਮ ਤਹਿਤ ਇਸ ਤਕਨੀਕ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਸ ਜ਼ਰੀਏ ਜ਼ਿਲ੍ਹੇ ਵਿਚ ਵੈਕਸੀਨ ਦੀ ਸਪਲਾਈ, ਉਪਲੱਬਧਤਾ, ਵੰਡ ਤੇ ਖਪਤ ਦੀ ਆਨਲਾਈਨ ਜਾਣਕਾਰੀ ਰੱਖੀ ਜਾ ਸਕਦੀ ਹੈ ਅਤੇ ਇਸ ਨੂੰ ਕਿਸੇ ਵੀ ਸਮੇਂ ਆਨਲਾਈਨ ਦੇਖਿਆ ਜਾ ਸਕਦਾ ਹੈ।
ਇਸ ਮੌਕੇ ਟ੍ਰੇਨਰ ਗੁਰਪ੍ਰੀਤ ਸਿੰਘ ਨੇ ਸਮੂਹ ਐੱਲ.ਐੱਚ.ਵੀਜ਼ ਅਤੇ ਏ.ਐੱਨ.ਐੱਮਜ਼ ਨੂੰ ਆਨਲਾਈਨ ਵੈਕਸੀਨ ਐੱਪ “ਈਵਿਨ” ਦੇ ਨਵੇਂ ਵਰਜਨ ‘ਏ.ਈ.’ ਨੂੰ ਡਾਊਨਲੋਡ ਕਰਵਾਇਆ ਅਤੇ ਦੱਸਿਆ ਕਿ ਇਸ ਆਨਲਾਈਨ ਵੈਕਸੀਨ ਐੱਪ ਰਾਹੀਂ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਵੈਕਸੀਨ ਦੀ ਵੰਡ ਸਹੀ ਢੰਗ ਨਾਲ ਕੀਤੀ ਜਾ ਸਕਦੀ ਹੈ ਅਤੇ ਵੈਕਸੀਨ ਦੇ ਖਰਾਬ ਹੋਣ ਦੀ ਸੰਭਾਵਨਾ ਵੀ ਘੱਟ ਜਾਵੇਗੀ, ਕਿਉਂਕਿ ਇਸ ਤਕਨੀਕ ਜ਼ਰੀਏ ਵੈਕਸੀਨ ਦੀ ਵੇਸਟੇਜ ਨੂੰ ਕੰਟਰੋਲ ਵੀ ਕੀਤਾ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਬਲਵਿੰਦਰ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਸਹਾਇਕ ਸੁਸ਼ੀਲ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।