ਗੁਰੂ ਤੇਗ਼ ਬਹਾਦਰ ਸਾਹਿਬ ਦੀ ਬਾਣੀ ਦਾ ਰਸਭਿੰਨਾ ਕੀਰਤਨ ਗਾਇਨ
ਪਟਿਆਲਾ, 23 ਜੂਨ 2021
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ‘ਤੇ ਉਲੀਕੇ ਗਏ ਸਮਾਗਮਾਂ ਦੀ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਵਿਭਾਗ ਵੱਲੋਂ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਿਯੋਗ ਨਾਲ ਆਨ-ਲਾਈਨ ਗੁਰਬਾਣੀ ਗਾਇਨ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ‘ਚ ਰਾਗੀ ਭਾਈ ਜਸਵੀਰ ਸਿੰਘ ਖਾਲਸਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਦਾ ਰਸਭਿੰਨਾ ਕੀਰਤਨ ਗਾਇਨ ਕੀਤਾ।
ਸਮਾਗਮ ਦੇ ਆਰੰਭ ਵਿਚ ਬੋਲਦਿਆਂ ਗੁਰਮਤਿ ਸੰਗੀਤ ਵਿਭਾਗ ਦੇ ਇੰਚਾਰਜ ਡਾ. ਕੰਵਲਜੀਤ ਸਿੰਘ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਰੌਸ਼ਨੀ ਪਾਉਂਦਿਆਂ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗੁਰੂ ਸਾਹਿਬ ਨਾਲ ਸਬੰਧਿਤ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਆਉਣ ਵਾਲੇ ਸਮੇਂ ‘ਚ ਵੀ ਵਿਭਾਗ ਵੱਲੋਂ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ।
ਉਨ੍ਹਾਂ ਹੋਰ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਨੇ ਭਾਰਤੀ ਸਮਾਜ ਦੀ ਧਾਰਮਿਕ ਸਹਿਣਸ਼ੀਲਤਾ ਤੇ ਅਖੰਡਤਾ ਦੀ ਸੁਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚਲਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦ੍ਰਿੜ੍ਹ ਕਰਵਾਉਣ ਲਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਵਿਭਿੰਨ ਸਮਾਗਮਾਂ, ਸੈਮੀਨਾਰਾਂ, ਵਰਕਸ਼ਾਪਾਂ ਰਾਹੀਂ ਆਪੋ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਵੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਪ੍ਰੋਗਰਾਮ ਦੇ ਸਮਾਪਨ ‘ਤੇ ਡਾ. ਕੰਵਲਜੀਤ ਸਿੰਘ ਨੇ ਵਾਈਸ-ਚਾਂਸਲਰ ਡਾ. ਅਰਵਿੰਦ ਤੇ ਡਾਇਰੈਕਟਰ ਐੱਨ.ਜ਼ੈਡ.ਸੀ.ਸੀ ਮੈਡਮ ਦੀਪਿਕਾ ਪੋਖਰਨਾ ਅਤੇ ਉਨ੍ਹਾਂ ਦੇ ਸਮੂਹ ਸਟਾਫ ਦਾ ਧੰਨਵਾਦ ਕੀਤਾ।
ਰਾਗੀ ਭਾਈ ਜਸਵੀਰ ਸਿੰਘ ਖਾਲਸਾ ਗੁਰੂ ਤੇਗ਼ ਬਹਾਦਰ ਸਾਹਿਬ ਦੀ ਬਾਣੀ ਦਾ ਰਸਭਿੰਨਾ ਕੀਰਤਨ ਕਰਦੇ ਹੋਏ।