ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ ਰਾਹਤ ਪਹੰੁਚਾਉਣ ਦੀ ਕੀਤੀ ਅਪੀਲ
ਨਵਾਂਸ਼ਹਿਰ, 30 ਜੂਨ 2021
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਕਰਜ਼ਦਾਰਾਂ ਨੂੰ ਰਾਹਤ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ 2 ਲੱਖ ਰੁਪਏ ਦੇ ਮੁਆਫ਼ ਕੀਤੇ ਕਰਜ਼ਿਆਂ ਦੀ ਤਰਜ ’ਤੇ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਦੇ ਵੀ 2 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੂੰ ਸੌਂਪੇ ਇਸ ਪੱਤਰ ਵਿਚ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੱਗਭਗ 5.83 ਲੱਖ ਕਿਸਾਨ ਕਰਜ਼ਦਾਰਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਉਨਾਂ ਨੂੰ ਰਾਹਤ ਦੇਣੀ ਇਕ ਇਤਿਹਾਸਕ ਅਤੇ ਸ਼ਲਾਘਾਯੋਗ ਫ਼ੈਸਲਾ ਸੀ। ਉਨਾਂ ਕਿਹਾ ਕਿ ਇਸੇ ਤਰਾਂ ਕਾਰਪੋਰੇਸ਼ਨ ਪਾਸੋਂ ਕਰਜ਼ਾ ਲੈ ਕੇ ਆਪਣਾ ਕੋਈ ਛੋਟਾ-ਮੋਟਾ ਧੰਦਾ ਚਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਡਿਫਾਲਟਰ ਹੋ ਚੁੱਕੇ ਕਰਜ਼ਦਾਰ, ਜਿਨਾਂ ਕੋਲ ਆਪਣੀ ਕੋਈ ਜ਼ਮੀਨ ਜਾਂ ਜਾਇਦਾਦ ਵੀ ਨਹੀਂ ਹੈ, ਨੂੰ ਕਰਜ਼ੇ ਤੋਂ ਰਾਹਤ ਦਿਵਾਉਣਾ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਇਨਾਂ ਕਰਜ਼ਦਾਰਾਂ ਦੀ ਗਿਣਤੀ ਕੇਵਲ 8880 ਹੈ, ਜਿਨਾਂ ਨੂੰ ਸਿਰਫ 70.64 ਕਰੋੜ ਰੁਪਏ ਦੀ ਕਰਜ਼ਾ ਰਾਹਤ ਦੀ ਜ਼ਰੂਰਤ ਹੈ ਜੋ ਕਿ ਕਿਸਾਨਾਂ ਨੂੰ ਦਿੱਤੀ ਗਈ ਰਾਹਤ ਰਾਸ਼ੀ ਦਾ ਕੇਵਲ 0.0152 ਫੀਸਦੀ ਬਣਦਾ ਹੈ। ਉਨਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਪਰੋਕਤ ਕਰਜ਼ੇ ਮੁਆਫ਼ ਕਰਨ ਲਈ ਕਾਰਪੋਰੇਸ਼ਨ ਨੂੰ 70.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਲੋੜੀਂਦੇ ਹੁਕਮ ਜਾਰੀ ਕੀਤੇ ਜਾਣ। ਉਨਾਂ ਕਿਹਾ ਕਿ ਡਾ. ਅੰਬੇਡਕਰ ਜੀ ਦੀ 130ਵੀਂ ਜਯੰਤੀ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ 30 ਫੀਸਦੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖ਼ਰਚ ਕੀਤੇ ਜਾਣ ਦੇ ਐਲਾਨ ਨਾਲ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਪਰਿਵਾਰਾਂ ਵਿਚ ਆਸ ਦੀ ਇਕ ਨਵੀਂ ਕਿਰਨ ਜਾਗੀ ਹੈ ਅਤੇ ਇਹ ਇਕ ਸਲਾਹੁਣਯੋਗ ਫ਼ੈਸਲਾ ਹੈ। ਚੇਅਰਮੈਨ ਸੂਦ ਨੇ ਦੱਸਿਆ ਕਿ ਇਸ ਸਬੰਧੀ ਉਨਾਂ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਮੈਡਮ ਰਾਜੀ ਪੀ. ਸ੍ਰੀਵਾਸਤਵ ਨਾਲ ਵੀ ਮੀਟਿੰਗ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਵੀ ਇਹ ਮਾਮਲਾ ਧਿਆਨ ਵਿਚ ਲਿਆਂਦਾ ਗਿਆ ਹੈ।
ਕੈਪਟਨ ਸੰਦੀਪ ਸੰਧੂ ਨੂੰ ਪੱਤਰ ਸੌਂਪਦੇ ਹੋਏ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ।