ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ
ਐਸ ਏ ਐਸ ਨਗਰ, 04 ਅਪ੍ਰੈਲ , 2021 ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ। ਇਸਦੇ ਨਾਲ ਨਾਲ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਕੀਤਾ।
ਸ਼੍ਰੀ ਮੱਛਲੀ ਕਲਾਂ ਨੇ ਕਿਹਾ ਕਿ ਕਣਕ ਦੀ ਵਾਢੀ ਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਆੜਤੀਆ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੇ ਨਾਲ ਨਾਲ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਕਣਕ ਦੀ ਵਾਢੀ ਤੇ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ।
ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆਪਸੀ ਸਹਿਮਤੀ ਬਣਾਉਣ ਤੱਕ ਕਿਸਾਨਾਂ ਨੂੰ ਅਦਾਇਗੀ ਕੀਤੇ ਜਾਣ ਦੀ ਮੌਜੂਦਾ ਪ੍ਰਣਾਲੀ ਜਾਰੀ ਰੱਖਣ ਦੀ ਮੰਗ ਕੀਤੀ ਹੈ।
ਇਹ ਜਿਕਰ ਕਰਦਿਆਂ ਕਿ ਆੜ੍ਹਤੀ, ਕਿਸਾਨਾਂ ਅਤੇ ਖਰੀਦ ਏਜੰਸੀਆਂ ਦਰਿਮਆਨ ਵਿਚੋਲੇ ਨਹੀਂ ਹਨ ਸਗੋਂ ਸਰਵਿਸ ਪ੍ਰੋਵਾਈਡਰ ਹਨ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਅਨਾਜ ਦੀ ਨਿਰਵਿਘਨ ਖਰੀਦ ਵਿਚ ਸ਼ਾਮਲ ਕਿਸਾਨਾਂ ਅਤੇ ਸਾਰੀਆਂ ਧਿਰਾਂ ਦੀ ਰੋਜੀ-ਰੋਟੀ ਖ਼ਤਰੇ ਵਿਚ ਨਾ ਪਵੇ।
ਉਹਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਖੁਦ ਇਕ ਫੌਜੀ ਅਤੇ ਕਿਸਾਨ ਹੋਣ ਦੇ ਨਾਤੇ ਉਹ ਅਜਿਹੇ ਖ਼ਤਰਿਆਂ ਨੂੰ ਉਜਾਗਰ ਕਰਨਾ ਚਾਹੁੰਦੇ ਹਨ, ਜੋ ਮੁਲਕ ਦੀ ਅਨਾਜ ਸੁਰੱਖਿਆ ਨੂੰ ਅਸਰਅੰਦਾਜ਼ ਕਰ ਸਕਦੇ ਹਨ।
ਹਰੀ ਕ੍ਰਾਂਤੀ ਲਿਆਉਣ ਅਤੇ ਕੌਮੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਦੇ ਮਿਹਨਤਕਸ਼ ਕਿਸਾਨਾਂ ਦੀ ਭੂਮਿਕਾ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਸੁਰੱਖਿਆ ਢਾਂਚਾ ਦਹਾਕਿਆਂ ਵਿਚ ਖੜ੍ਹਾ ਕੀਤਾ ਗਿਆ ਹੈ ਪਰ ਇਸ ਨੂੰ ਪਲਾਂ ਵਿਚ ਤਾਂ ਤਬਾਹ ਨਹੀਂ ਕੀਤਾ ਜਾ ਸਕਦਾ ਹੈ।
ਕੈਪਸ਼ਨ- ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਕਣਕ ਦੇ ਖ਼ਰੀਦ ਪ੍ਰਬੰਧਾਂ ਬਾਰੇ ਗੱਲਬਾਤ ਕਰਦੇ ਹੋਏ।