ਬਠਿੰਡਾ, 26 ਮਈ 2021 ਸੂਬਾ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਕਰੋਨਾ ਮੁਕਤ ਪਿੰਡ ਮੁਹਿੰਮ ਨੂੰ ਜ਼ਿਲੇ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨਾਲ ਜਿੱਥੇ ਪਿੰਡਾਂ ਵਿੱਚ ਕਰੋਨਾ ਟੈਸਟਿੰਗ ਦੀ ਗਿਣਤੀ ਵਧੀ ਹੈ, ਉੱਥੇ ਹੀ ਮੌਤ ਦਰ ਵਿੱਚ ਗਿਰਾਵਟ ਆਈ ਹੈ। ਇਸ ਮੁਹਿੰਮ ਤਹਿਤ 27 ਮਈ ਨੂੰ ਜ਼ਿਲ੍ਹੇ ਦੇ ਵੱਖ-ਵੱਖ 9 ਪਿੰਡਾਂ ਵਿਚ ਕਰੋਨਾ ਟੈਸਟਿੰਗ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਮੌਕੇ ਇਸ ਮੁਹਿੰਮ ਨੂੰ ਨੇਪਰੇ ਚੜਾਉਣ ਲਈ ਉਨਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨਾਲ-ਨਾਲ ਨੰਬਰਦਾਰਾਂ, ਯੂਥ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਨ੍ਹਾਂ ਲਗਾਏ ਜਾ ਰਹੇ ਕੈਂਪਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ 27 ਮਈ ਨੂੰ ਰਾਏ ਕੇ ਕਲਾਂ,ਮਹਿਮਾ ਭਗਵਾਨਾ,ਗੁਰਦਿੱਤ ਸਿੰਘ ਵਾਲਾ,ਕੋਠੇ ਬਾਬਾ ਸੁੱਖਾ ਨੰਦ,ਕੁੱਤੀਵਾਲ ਖ਼ੁਰਦ,ਗਹਿਲੇਵਾਲਾ,ਗੋਬਿੰਦਪੁਰਾ ਅਤੇ ਭੁੰਦੜ,ਆਦਿ ਪਿੰਡਾਂ ਵਿਚ ਕਰੋਨਾ ਟੈਸਟਿੰਗ ਕੈਂਪ ਲਗਾਏ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਦੇ ਫ਼ੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਜੋ ਵੀ ਹਦਾਇਤਾਂ ਕੀਤੀਆਂ ਜਾਂਦੀਆਂ ਹਨ ਉਹ ਜਨ ਹਿੱਤ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਕੀਤੀਆਂ ਜਾਂਦੀਆਂ ਹਨ। ਇਸ ਲਈ ਜਾਰੀ ਹਦਾਇਤ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਖੰਘ, ਬੁਖਾਰ, ਜੁਕਾਮ ਆਦਿ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਆਪਣੇ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਮੂੰਹ ਤੇ ਹਮੇਸ਼ਾ ਮਾਸਕ ਲਗਾ ਕੇ ਰੱਖਿਆ ਜਾਵੇ, ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਅਤੇ ਆਪਸੀ ਸਰੀਰਕ ਦੂਰੀ ਬਰਕਰਾਰ ਰੱਖੀ ਜਾਵੇ ਅਤੇ ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਿੱਕਲਣ ਤੋਂ ਗੁਰੇਜ਼ ਕੀਤਾ ਜਾਵੇ।