*ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਫੇਸਬੁੱਕ ’ਤੇ ਹੋਏ ਲਾਈਵ
*ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਨਿਬੇੜਾ ਕਰਨ ਦੀ ਅਪੀਲ
ਬਰਨਾਲਾ, 22 ਅਕਤੂਬਰ
ਜ਼ਿਲ੍ਹਾ ਬਰਨਾਲਾ ਵਿਚ ਕਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਘਟੇ ਹਨ, ਪਰ ਅਜੇ ਵੀ ਇਹਤਿਆਤ ਵਰਤਣ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਹਫਤਾਵਰੀ ਫੇਸਬੁਕ ਲਾਈਵ ਸੈਸ਼ਨ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਹੁਣ ਤਿਉਹਾਰਾਂ ਦਾ ਸੀਜ਼ਨ ਆ ਰਿਹਾ ਹੈ, ਜਿਸ ਦੌਰਾਨ ਬਾਜ਼ਾਰਾਂ ਵਿਚ ਭੀੜ-ਭੜੱਕਾ ਵਧ ਜਾਂਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਵਾਢੀ ਦਾ ਸੀਜ਼ਨ ਚੱੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ, ਬਲਕਿ ਇਸ ਦਾ ਵਾਤਾਵਰਣ ਪੱਖੀ ਨਿਬੇੜਾ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਨੇ ਸਰਕਾਰੀ ਸਕੂਲਾਂ ਵਿੱਚ ਕਰੋਨਾ ਤੋਂ ਇਹਤਿਆਤ ਵਰਤਣ ਦੇ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਸਰਕਾਰ ਵੱਲੋਂ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਸਕੂਲ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚ ਵਿਦਿਆਰਥੀ ਮਾਪਿਆਂ ਦੀ ਸਹਿਮਤੀ ਨਾਲ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਮਾਸਕ ਅਤੇ ਸੈਨੇਟਾਈਜ਼ਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਵੀ ਮਾਸਕ ਵੰਡਣ ਦੇ ਨਾਲ ਨਾਲ ਪੈਡਲਰ ਹੈਂਡਵਾਸ਼ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਜਿਆਦਾ ਭੀੜ ਨੇ ਹੋਵੇ, ਇਸ ਲਈ ਇਸ ਵਾਰ ਖਰੀਦ ਕੇਂਂਦਰਾਂ ਦੀ ਗਿਣਤੀ ਵਧਾਈ ਗਈ ਹੈ। ਇਸ ਮੌਕੇ ਡੀਪੀਐਮ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਰੀਜ਼ਾਂ ਲਈ ਕਰੋਨਾ ਫਤਿਹ ਕਿੱਟਾਂ ਮੁਹੱਈਆ ਕਰਾਈਆਂ ਗਈਆਂ ਹਨ, ਜਿਨ੍ਹਾਂ ਵਿਚ ਮਾਸਕ, ਸੈਨੇਟਾਈਜ਼ਰ ਸਣੇ 18 ਤਰ੍ਹਾਂ ਦੀਆਂ ਵਸਤਾਂ ਹਨ। ਇਹ ਕਿੱਟਾਂ ਬਰਨਾਲਾ ਅਤੇ ਸੋਹਲ ਪੱਤੀ ਆਈਸੋਲੇਸ਼ਨ ਫੈਸਿਲਟੀ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 45 ਕਰੋਨਾ ਫਤਿਹ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ।