ਕਾਮਯਾਬ ਕਿਸਾਨ,ਖੁਸ਼ਹਾਲ ਕਿਸਾਨ ਮਿਸ਼ਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਚੱਕ ਪਸਵਾਲ ਵਿੱਚ ਖੇਤ ਦਿਵਸ ਮਨਾਇਆ ਗਿਆ।

ਪਠਾਨਕੋਟ 1 ਅਗਸਤ 2021 ਡਾ. ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ” ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਨੇੜੇ ਖੇਤ ਦਿਵਸ ਮਨਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਚੱਕ ਪਸਵਾਲ ਦੇ ਅਗਾਂਹਵਧੂ ਕਿਸਾਨ ਸ੍ਰੀ ਹਰਜਿੰਦਰ ਸਿੰਘ ਦੇ ਖੇਤਾਂ ਵਿੱਚ ਖੇਤ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ,ਸ੍ਰੀ ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ),ਉੱਤਮ ਚੰਦ,ਅਮਰਜੀਤ ਸਿੰਘ,ਹਰਦਿਆਲ ਸਿੰਘ ,ਬਖਸ਼ੀਸ਼ ਸਿੰਘ,ਸਰਦਾਰੀ ਲਾਲ,ਦਰਸ਼ਨ ਸਿੰਘ,ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਚਿਰ ਸਥਾਈ ਬਣਾ ਪੰਜਾਬ ਨੂੰ ਖੁਸ਼ਹਾਲ ਬਨਾਉਣ ਲਈ ਜ਼ਰੂਰੀ ਹੈ ਕਿ ਖੇਤੀ ਲਾਗਤ ਖਰਚੇ ਘਟਾ ਕੇ, ਖੇਤੀਬਾੜੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾਵੇ।ਉਨਾਂ ਕਿਹਾ ਕਿ ਝੋਨੇ ਦੀ ਫਸਲ ਦੀ ਹਾਲਤ ਇਸ ਸਮੇਂ ਤਸੱਲੀਬਖਸ਼ ਹੈ ਅਤੇ ਕਿਸੇ ਕੀੜੇ ਜਾਂ ਬਿਮਾਰੀ ਦਾ ਕਿਤੇ ਵੀ ਹਮਲਾ ਦਿਖਾਈ ਨਹੀਂ ਦਿੱਤਾ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਿਫਾਰਸ਼ਾਂ ਅਨੁਸਾਰ ਹੀ ਖੇਤੀ ਨਾਲ ਸੰਬੰਧਤ ਸਮੱਸਿਆਂਵਾਂ ਦਾ ਹੱਲ ਕਰਨ।ਉਨਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਬਾਰਸਾਂ ਘੱਟ ਪੈਣ ਕਾਰਨ ਝੋਨੇ ਦੀ ਫਸਲ ਵਿੱਚ ਕੁਝ ਪੀਲਾਪਣ ਦਿੱਖ ਰਿਹਾ ਸੀ, ਜੋ ਹੁਣ ਬਰਸਾਤ ਪੈਣ ਕਾਰਨ ਬਿਲੁਕਲ ਠੀਕ ਹੋ ਗਈ ਹੈ ।ਉਨ੍ਹਾਂ ਕਿਹਾ ਕਿ ਫਸਲਾਂ ਖਾਸ ਕਰਕੇ ਝੋਨੇ ਦੀ ਕਾਸ਼ਤ ਲਈ ਅਜਿਹੀਆਂ ਤਕਨੀਕਾਂ ਅਪਨਾਉਣ ਦੀ ਜ਼ਰੂਰਤ ਹੈ ਜਿਸ ਨਾਲ ਕੁਦਰਤੀ ਸੋਮੇ ਹਵਾ,ਪਾਣੀ ਅਤੇ ਮਿੱਟੀ ਪ੍ਰਦੂਸ਼ਿਤ ਹੋਣ ਤੋਂ ਬਚੇ ਰਹਿਣ।ਉਨਾਂ ਕਿਹਾ ਕਿ ਉਪਰੋਕਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਹੈ ਕਿ ਝੋਨੇ ਦੀ ਰਵਾਇਤੀ ਕੱਦੂ ਕਰਨ ਦੀ ਤਕਨੀਕ ਦੇ ਬਜਾਏ ਝੋਨੇ ਦੀ ਸਿੱਧੀ ਬਿਜਾਈ ਨਾਲ ਝੋਨੇ ਦੀ ਕਾਸਤ ਕਰਨ ਨੂੰ ਵਿਭਾਗ ਵੱਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈੇ।
ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫੀਸਦੀ ਮਜ਼ਦੂਰੀ ਦੀ ਬੱਚਤ ਹੁੰਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਕੁਝ ਖੇਤਾਂ ਵਿੱਚ ਚੋਬਾ/ਚਾੜਾ/ਸਾਉਣ ਦੀ ਸਮੱਸਿਆ ਆਈ ਹੈ ਜਿਸ ਦੇ ਹੱਲ ਲਈ ਇਹ ਮਸਲਾ ਉੱਚ ਅਧਿਕਾਰੀਆ ਰਾਹੀਂ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਮਾਹਿਰਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।ਉਨਾਂ ਕਿਹਾ ਕਿ ਇਹ ਖੋਜ ਦਾ ਵਿਸ਼ਾ ਹੈ ਜੋ ਭਵਿੱਖ ਵਿੱਚ ਹੱਲ ਕਰ ਲਿਆ ਜਾਵੇਗਾ।ਉਨਾਂ ਕਿਹਾ ਕਿ ਜਿੰਨਾਂ ਇਲਾਕਿਆਂ ਵਿੱਚ ਵਿੱਚ ਚਾੜਾ/ਸਾਉਣ/ ਜੰਗਲੀ ਝੋਨੇ ਦੀ ਸਮੱਸਿਆ ਹੋਵੇ,ਉਥੇ ਝੋਨੇ ਦੀ ਸਿੱਧੀ ਬਿਜਾਈ ਨਹੀਂ ਕਰਨੀ ਚਾਹੀਦੀ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਾਂ ਕਰੋ,ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਬਹੁਤ ਆ ਜਾਂਦੀ ਹੈ ਅਤੇ ਪੈਦਾਵਾਰ ਕਾਫੀ ਘਟ ਜਾਂਦੀ ਹੈ। ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਸਿੱਧੀ ਬਿਜਾਈ ਦੀ ਸਫਲਤਾ ਲਈ ਜ਼ਰੂਰੀ ਹੈ ਕਿ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰਾ ਕਰ ਲਿਆ ਜਾਵੇ ਤਾਂ ਜੋ ਪਾਣੀ ਇਕਸਾਰ ਲੱਗ ਸਕੇ ਅਤੇ ਪਾਣੀ ਦੀ ਬੱਚਤ ਹਣ ਦੇ ਨਾਲ ਬੀਜ ਦਾ ਪੁੰਗਾਰ ਵੀ ਵਧੀਆ ਹੁੰਦਾ ਹੈ।
ਕਿਸਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਇਸ ਸਾਲ ਪਹਿਲੀ ਵਾਰ ਕੀਤੀ ਗਈ ਹੈ ਜਿਸ ਵਿੱਚ ਛਿੜਕਾਅ ਕਰਨ ਦੇ ਬਾਵਜੂਦ ਕੁਝ ਨਦੀਨਾਂ ਦੀ ਰੋਕਥਾਮ ਨਹੀਂ ਹੋ ਸਕੀ।ਉਨਾਂ ਕਿਹਾ ਕਿ ਇਸ ਤਕਨੀਕ ਦੀ ਕਾਮਯਾਬੀ ਲਈ ਬਿਜਾਈ ਤੋਂ ਪਹਿਲਾਂ ਦੋ ਰੌਣੀਆ ਕਰਨ ਲਈ ਬਿਜਲੀ ਦੀ ਨਿਰੰਤਰ ਸਪਲਾਈ ਕਰਨ ਦੀ ਜ਼ਰੂਰਤ ਹੈ ਤਾਂ ਜੋ ਬਿਜਾਈ ਤੋਂ ਪਹਿਲਾਂ ਨਦੀਨ/ਚਾੜਾ/ਸਾਉਣ ਦੀ ਸਮੱਸਿਆ ਨੂੰ ਘਟਾਇਆ ਜਾ ਸਕੇ।

Spread the love