ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਸਬੰਧੀ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਰ ਕਰਵਾਇਆ
ਗੁਰਦਾਸਪੁਰ , 26 ਜੂਨ 2021 ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ ਗਿਆ ਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਆਪਸੀ ਸਹਿਯੋਗ ਨਾਲ ਹੰਭਲਾ ਮਾਰਨ ਦੀ ਅਪੀਲ ਕੀਤੀ । ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ ਗਿਆ , ਜਿਸ ਵਿੱਚ ਨਵਜੋਤ ਸਿੰਘ ਐਸ.ਪੀ (ਹੈਡਕੁਆਟਰ) , ਡਾ. ਹਰਭਜਨ ਰਾਮ ਸਿਵਲ ਸਰਜਨ, ਹਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਪ੍ਰੋਫੈਸਰ ਰਾਜ ਕੁਮਾਰ , ਪ੍ਰੋਫੈਸਰ ਜੀ.ਐਸ. ਕਲਸੀ, ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ਼ ਇੰਸਟੀਚਿਊਟ , ਹਰਜਿੰਦਰ ਸਿੰਘ ਕਲਸੀ ਜਿਲਾ ਲੋਕ ਸੰਪਰਕ ਅਫਸਰ ਆਦਿ ਹਾਜ਼ਰ ਸਨ ।
ਇਸ ਮੌਕੇ ਅੱਜ ਸਮੂਹ ਸਬ ਡਵੀਜ਼ਨਾਂ , ਨਗਰ ਕੌਂਸਲ ਦਫ਼ਤਰਾਂ , ਬੀ.ਡੀ.ਪੀ.ਓ. ਦਫ਼ਤਰਾਂ ਅਤੇ ਸਕੂਲਾਂ ਵਿੱਚ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਸਬੰਧੀ ਸਮਾਗਮ ਕਰਵਾਏ ਗਏ ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਬੁਰਾਈ ਨਸ਼ੇ ਨੂੰ ਖ਼ਤਮ ਕਰਨ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਇਹ ਭੈੜੀ ਅਲਾਮਤ ਖ਼ਤਮ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਨਸਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਡੈਪੋ ਅਤੇ ਬੱਡੀ ਪ੍ਰੋਗਰਾਮ ਜਰੀਏ ਜਿੱਥੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਉਥੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਨਸਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਗਿਆ । ਉਨ੍ਹਾਂ ਅੱਗੇ ਕਿਹਾ ਕਿ ਜਿਥੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਉਸ ਦੇ ਨਾਲ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ। ਉਨ੍ਹਾਂ ਦਾ ਓਟ ਸੈਂਟਰਾਂ ਵਿੱਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 13 ਓਟ ਸੈਂਟਰ ਚੱਲ ਰਹੇ ਹਨ , ਜਿਨਾਂ ਵਿੱਚ 26044 ਵਿਅਕਤੀਆਂ ਨੇ ਨਸ਼ਾ ਛੱਡਣ ਲਈ ਦਵਾਈ ਖਾਧੀ ਹੈ ਅਤੇ ਹੁਣ ਬਿਹਤਰ ਜਿੰਦਗੀ ਜੀਅ ਰਹੇ ਹਨ ।
ਡਿਪਟੀ ਕਮਿਸ਼ਨਰ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਖ਼ਤਮ ਕਰਨ ਲਈ ਵੱਡੇ ਪੱਧਰ ਤੇ ਮੁਹਿੰਮ ਵਿੱਢੀ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਨਕੇਲ ਕੱਸੀ ਹੈ ।
ਇਸ ਮੌਕੇ ਐਸੀ.ਪੀ ਨਵਜੋਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਪ੍ਰਧਾਨਗੀ ਹੇਠ ਨਸਿਆਂ ਵਿਰੁੱਧ ਸਖ਼ਤ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾ ਵਿਰੁੱਧ ਸਿਕੰਜਾ ਕੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਗੁਰਦਾਸਪੁਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਮਾਤਰਾ ਵਿੱਚ ਹੀਰੋਇੰਨ , ਨਸ਼ੀਲੀਆਂ ਦਵਾਈਆਂ ਕੈਪੂਸਲ , ਨਾਜਾਇਜ ਸ਼ਰਾਬ ਤੇ ਲਾਹਣ , ਚਰਸ , ਭੁੱਕੀ ਅਫੀਮ ਅਤੇ ਨਸ਼ੀਲੇ ਟੀਕੇ ਆਦਿ ਬਰਾਮਦ ਕੀਤੇ ਹਨ ਅਤੇ ਇਨਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਫੜ੍ਹਿਆਂ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਿਥੇ ਨਸਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀਂ ਹੈ, ਉਸ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਦੀ ਮੰਤਵ ਨਾਲ ਪਿੰਡਾਂ ਤੇ ਸ਼ਹਿਰਾਂ ਅੰਦਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਲੋਕਾਂ ਦੀ ਭਾਗੀਦਾਰ ਨਾਲ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਉਪਰਾਲੇ ਕੀਤੇ ਗਏ ਹਨ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਚਲਾਈ ਜਾ ਰਹੀਂ ਇਸ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ, ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਦੇਣ, (ਇਤਲਾਹ ਦੇਣ ਵਾਲਿਆਂ ਦਾ ਨਾਂ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ ) ਤਾਂ ਜੋ ਸਮਾਜ ਵਿੱਚ ਭੈੜੀ ਬਿਮਾਰੀ ਨੂੰ ਸਹਿਯੋਗ ਨਾਲ ਖ਼ਤਮ ਕੀਤਾ ਜਾ ਸਕੇ ।