ਕੋਈ ਵੀ ਮਾਈਗ੍ਰੇਟਰੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ : ਡਾ ਗੁਰਦੀਪ ਸਿੰਘ ਕਪੂਰ

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ 27 ਜੂਨ ਤੋਂ ਹੋਵੇਗੀ ਸ਼ੁਰੂਆਤ
ਨਵਾਂਸ਼ਹਿਰ, 17 ਜੂਨ,2021-  ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਅਗਵਾਈ ਹੇਠ ਜ਼ਿਲ੍ਹੇ ਵਿਚ ਪੈਂਦੀ ਮਾਈਗ੍ਰੇਟਰੀ ਆਬਾਦੀ ਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ 27 ਜੂਨ ਤੋਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ।
ਵਿਸ਼ਵ ਸਿਹਤ ਸੰਗਠਨ (ਜਲੰਧਰ) ਦੇ ਸਰਵੀਲੈਂਸ ਮੈਡੀਕਲ ਅਫਸਰ ਡਾ ਗਗਨ ਸ਼ਰਮਾ ਨੇ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅੱਜ ਇਕ ਜ਼ਿਲ੍ਹਾ ਪੱਧਰੀ ਵਰਚੂਅਲ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਦੌਰਾਨ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਵਰਚੁਅਲ ਸਿਖਲਾਈ ਪ੍ਰੋਗਰਾਮ ਅਧੀਨ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਵਾਰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਲਈ ਸਿਖਲਾਈ ਵਧੇਰੇ ਮਹੱਤਵਪੂਰਨ ਹੈ, ਕਿਉਂਕਿ ਕੋਵਿਡ-19 ਦੀ ਰੋਕਥਾਮ ਲਈ ਫੀਲਡ ਵਿਚ ਵਧੇਰੇ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਪਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਉਪ ਨੈਸ਼ਨਲ ਟੀਕਾਕਰਨ ਦਿਵਸ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਸਮੇਂ ਭੀੜ ਇਕੱਠੀ ਨਾ ਕੀਤੀ ਜਾਵੇ ਅਤੇ ਮੌਕੇ ਉੱਤੇ ਮੌਜੂਦ ਲੋਕਾਂ ਵਿਚ 2 ਮੀਟਰ ਦਾ ਫਾਸਲਾ ਬਣਾ ਕੇ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਸਮੇਂ ਵੈਕਸੀਨੇਟਰ ਫੇਸ ਮਾਸਕ ਪਾ ਕੇ ਰੱਖਣ ਅਤੇ ਹਰ ਘਰ ਵਿਚ ਦਾਖਲ ਹੋਣ ਤੋਂ ਪਹਿਲਾਂ ਆਪਣੇ ਹੱਥ ਸੈਨੇਟਾਈਜਰ ਨਾਲ ਸਾਫ ਕੀਤੇ ਜਾਣੇ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਬੂੰਦਾਂ ਪਿਲਾਉਣ ਵੇਲੇ ਉਨ੍ਹਾਂ ਨੂੰ ਛੂਹਿਆ ਨਾ ਜਾਵੇ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਗੋਦ ਵਿਚ ਹੀ ਬੂੰਦਾਂ ਪਿਲਾਈਆਂ ਜਾਣ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ 27 ਜੂਨ ਤੋਂ 29 ਜੂਨ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਹਾਈ ਰਿਸਕ ਖੇਤਰਾਂ ਜਿਵੇਂ ਝੁੱਗੀਆਂ-ਝੌਂਪੜੀਆਂ, ਡੇਰਿਆਂ, ਇੱਟਾਂ ਦੇ ਭੱਠਿਆਂ, ਦੂਜੇ ਰਾਜਾਂ ਤੋਂ ਆਏ ਬੱਚਿਆਂ, ਉਸਾਰੀ ਅਤੇ ਹੋਰ ਸਥਾਨਾਂ ਨੂੰ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।
ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ ਜਾ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਇਸ ਲਈ ਪੋਲੀਓ ਰੋਕੂ ਟੀਮਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।