*ਸੋਹਲ ਪੱਤੀ ਵਿਖੇ 486 ਮਰੀਜ਼ ਸਿਹਤਯਾਬ ਹੋਏ, 9 ਮਰੀਜ਼ ਇਲਾਜ ਅਧੀਨ
*ਜ਼ਿਲ੍ਹੇ ਵਿਚ ਹੁਣ ਤੱਕ 1420 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ
ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾਂ ਲਈ ਸਹੂਲਤਾਂ ਦਾ ਜਾਇਜ਼ਾ
ਬਰਨਾਲਾ, 1 ਅਕਤੂਬਰ
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੋਹਲ ਪੱਤੀ ਵਿਖੇ ਕੋਰੋਨਾ ਪੀੜਤਾਂ ਲਈ ਬਣਾਇਆ ਆਈਸੋਲੇਸ਼ਨ ਕੇਂਦਰ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ, ਜਿੱਥੇ ਨਾ ਸਿਰਫ਼ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ, ਬਲਕਿ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਵੀ ਸਿਹਤਯਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਸੋਹਲ ਪੱਤੀ ਆਈਸੋਲੇਸ਼ਨ ਕੇਂਦਰ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਸੋਹਲ ਪੱਤੀ ਕੇਂਦਰ ’ਚ ਮਰੀਜ਼ਾਂ ਦੇ ਖਾਣ-ਪੀਣ, ਸਾਫ-ਸਫਾਈ ਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਚ ਹੁਣ ਤੱਕ 496 ਕੋਰੋਨਾ ਪਾਜ਼ੇਟਿਵ ਮਰੀਜ ਦਾਖ਼ਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 9 ਦਾ ਇਲਾਜ ਚੱਲ ਰਿਹਾ ਹੈ। 486 ਸਿਹਤਯਾਬ ਹੋ ਆਪਣੇ ਘਰਾਂ ਨੂੰ ਪਰਤ ਗਏ ਹਨ ਅਤੇ ਸਿਰਫ 1 ਪੀੜਤ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਵਿਚ ਚੰਗਾ ਖਾਣਾ, ਸਾਫ਼-ਸਫਾਈ ਤੇ ਦਵਾਈਆਂ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਪੀੜਤ ਵਿਅਕਤੀਆਂ ਦੇ ਖਾਣ-ਪੀਣ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ, ਜਿਸ ਤਹਿਤ ਉਨ੍ਹਾਂ ਨੂੰ ਦਿਨ ’ਚ ਤਿੰਨ ਟਾਈਮ ਵਧੀਆ ਅਤੇ ਪੌਸ਼ਟਿਕ ਖਾਣਾ ਦਿੱਤਾ ਜਾਂਦਾ ਹੈ।
ਸਮੇਂ-ਸਮੇਂ ਸਿਰ ਇਸ ਕੇਂਦਰ ਵਿਖੇ ਕੋਰੋਨਾ ਪਾਜ਼ੀਟਿਵ ਮਰੀਜਾਂ ਦਾ ਮਨੋਬਲ ਉਚਾ ਚੁੱਕਣ ਲਈ ਉਨ੍ਹਾਂ ਨੂੰ ਯੋਗਾ, ਖੇਡਾਂ ਆਦਿ ’ਚ ਵੀ ਮਸਰੂਫ਼ ਰੱਖਿਆ ਜਾਂਦਾ ਹੈ। ਇਸ ਕੇਂਦਰ ਤੋਂ ਠੀਕ ਹੋ ਕੇ ਜਾਣ ਵਾਲੇ ਮਰੀਜ਼ਾਂ ਨੇ ਵੀ ਇੱਥੇ ਮਿਲਣ ਵਾਲੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ ਹੈ। ਸ੍ਰੀ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ’ਚ ਹੁਣ ਤੱਕ 1839 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਨ੍ਹਾਂ ਵਿੱਚੋਂ 1420 ਸਿਹਤਯਾਬ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਅਤੇ ਇਸ ਸਮੇਂ 376 ਐਕਟਿਵ ਕੇਸ ਹਨ ਅਤੇ ਹੁਣ ਤੱਕ ਜ਼ਿਲ੍ਹੇ ’ਚ 43 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਇ ਵੀ ਦੱਸਿਆ ਕਿ ਜ਼ਿਲ੍ਹੇ ਵਿਚ 30310 ਕੋਰੋਨਾ ਸਬੰਧੀ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 27727 ਸੈਂਪਲ ਨੈਗੇਟਿਵ ਪਾਏ ਗਏ ਸਨ ਅਤੇ 744 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।