ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਣ ਲਈ ਵੈਕਸੀਨੇਸ਼ਨ ਤੇ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ – ਡਾ. ਹਰਪਾਲ ਸਿੰਘ

ਬਟਾਲਾ, 13 ਅਗਸਤ 2021 ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਣ ਲਈ 18 ਸਾਲ ਤੋਂ ਵੱਧ ਹਰ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਜਰੂਰੀ ਹੈ ਅਤੇ ਨਾਲ ਹੀ ਕੋਵਿਡ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਜਰੂਰ ਕੀਤੀ ਜਾਵੇ। ਲੋਕਾਂ ਨੂੰ ਜਾਗਰੂਕ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਮਾਹਿਰਾਂ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਕੋਰੋਨਾ ਦੀ ਤੀਸਰੀ ਲਹਿਰ ਆ ਸਕਦੀ ਹੈ ਅਤੇ ਇਹ ਪਹਿਲਾਂ ਨਾਲੋਂ ਵੀ ਵਧੇਰੇ ਖਤਰਨਾਕ ਸਾਬਤ ਹੋ ਸਕਦੀ ਹੈ। ਉਨਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਇਹ ਬੇਹੱਦ ਜਰੂਰੀ ਹੈ ਕਿ ਸਾਰੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾ ਲੈਣ।
ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਇਸ ਦਾ ਕੋਈ ਸਾਇਡ ਇਫੈਕਟ ਨਹੀਂ ਹੈ। ਉਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜਿਨਾਂ ਨੇ ਵੈਕਸੀਨ ਲਗਵਾਈ ਹੈ ਓਨਾਂ ਉੱਪਰ ਕੋਰੋਨਾ ਦਾ ਅਸਰ ਬਹੁਤ ਘੱਟ ਦੇਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਵੱਲੋਂ ਪੂਰੇ ਸ਼ਹਿਰ ਵਿੱਚ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਨਾਂ ਦਾ ਲਾਭ ਉਠਾਉਣਾ ਚਾਹੀਦਾ ਹੈ।
ਡਾ. ਹਰਪਾਲ ਸਿੰਘ ਨੇ ਅੱਗੇ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ ਹੈ। ਉਨਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਨੱਕ ਤੇ ਮੂੰਹ ਨੂੰ ਮਾਸਕ ਨਾਲ ਢੱਕਣਾ, ਵਾਰ ਵਾਰ ਹੱਥਾਂ ਨੂੰ ਸਾਬਣ ਨਾਲ ਧੋਣਾ, ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਵੈਕਸੀਨ ਅਤੇ ਸਾਵਧਾਨੀ ਕੋਰੋਨਾ ਤੋਂ ਬਚਣ ਦੇ ਅਸਾਨ ਨੁਕਤੇ ਹਨ।

Spread the love