ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
ਨਵਾਂਸ਼ਹਿਰ, 16 ਅਗਸਤ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਆਜ਼ਾਦੀ ਦਿਹਾੜੇ ਦੇ ਸੰਦਰਭ ਵਿਚ ਸਿਹਤ ਵਿਭਾਗ ਵਿਚ ਬਿਹਤਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਐੱਨ.ਜੀ.ਓ. ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਤੇ ਟਾਹਲੀ ਸਾਹਿਬ ਗੁਰਦੁਆਰਾ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਦੇ ਨੁਮਾਇੰਦਿਆਂ ਨੂੰ ਅੱਜ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਇੱਥੇ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਤੇ ਤਨਦੇਹੀ ਨਾਲ ਕੀਤੇ ਗਏ ਕੰਮਕਾਜ ਦੀ ਕਾਫੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਕੋਰੋਨਾ ਦੀ ਰੋਕਥਾਮ ਵਿਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ। ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਠਲਾਵਾ ਪਿੰਡ ਵਿਚ ਸੂਬੇ ਦਾ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਜਿਸ ਤਰ੍ਹਾਂ ਨਾਲ ਸਿਹਤ ਵਿਭਾਗ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰ ਰਿਹਾ ਹੈ, ਉਹ ਸ਼ਲਾਘਾਯੋਗ ਹੈ।
ਡਾ. ਕੌਰ ਨੇ ਕਿਹਾ ਕਿ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਜੰਗ ਛੇੜੀ ਹੋਈ ਹੈ, ਜਿਸ ਵਿਚ ਸਿਹਤ ਵਿਭਾਗ ਦੇ ਹਰ ਅਧਿਕਾਰੀ ਅਤੇ ਕਰਮਚਾਰੀ ਵੱਲੋਂ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਐੱਨ.ਜੀ.ਓ. ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਤੇ ਟਾਹਲੀ ਸਾਹਿਬ ਗੁਰਦੁਆਰਾ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਦੇ ਪ੍ਰਬੰਧਕਾਂ ਵੱਲੋਂ ਕੋਰੋਨਾ ਕਾਲ ਦੌਰਾਨ ਜ਼ਿਲ੍ਹਾ ਹਸਪਤਾਲ ਵਿਚ ਦਾਖਲ ਕੋਰੋਨਾ ਮਰੀਜ਼ਾਂ ਤੇ ਹੋਰ ਲੋੜਵੰਦਾਂ ਲਈ ਲੰਗਰ ਦੀ ਸੇਵਾ ਕਰਕੇ ਮਰੀਜ਼ਾਂ ਨੂੰ ਸਿਹਤਯਾਬ ਹੋਣ ਵਿਚ ਕਾਫੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਐੱਨ.ਜੀ.ਓ. ਦੀ ਨਿਸਵਾਰਥ ਸੇਵਾ ਨੂੰ ਸਿਹਤ ਵਿਭਾਗ ਸਲਾਮ ਕਰਦਾ ਹੈ ਅਤੇ ਆਸ ਕਰਦਾ ਹੈ ਕਿ ਭਵਿੱਖ ਵਿਚ ਵੀ ਉਹ ਲੋਕਾਂ ਦੀ ਹਮੇਸ਼ਾ ਸੇਵਾ ਕਰਦੇ ਰਹਿਣਗੇ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਬਲਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਊਸ਼ਾ ਕਿਰਨ, ਡਾ ਕੁਲਵਿੰਦਰ ਮਾਨ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।