ਕੋਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡ ਵਾਸੀਆਂ ਨੇ ਵਧਾਇਆ ਸਹਿਯੋਗ ਦਾ ਹੱਥ

ਜ਼ਿਲ੍ਹੇ ਦੇ ਜ਼ਿਆਦਾਤਰ ਪਿੰਡਾਂ ਦੀਆਂ ਪੰਚਾਇਤਾਂ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਦੇ ਲਈ ਆਈਆਂ ਅੱਗੇ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ’ਚ ਜਾਗਰੂਕਤਾ ਫੈਲਾਉਣ ਦੇ ਲਈ ਬਣਾਈਆਂ ਗਈਆਂ ਹਨ 135 ਟੀਮਾਂ
ਹੁਣ ਤੱਕ ਜ਼ਿਲ੍ਹੇ ਦੇ 3,61,937 ਲਾਭਪਾਤਰੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ, ਅੱਜ 3546 ਦਾ ਹੋਇਆ ਟੀਕਾਕਰਨ
ਹੁਸ਼ਿਆਰਪੁਰ, 24 ਮਈ,2021 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਗਏ ਕੋਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡ ਵਾਸੀ ਪ੍ਰਸ਼ਾਸਨ ਨੂੰ ਸਹਿਯੋਗ ਦੇ ਲਈ ਅੱਗੇ ਆਉਣ ਲੱਗ ਪਏ ਹਨ ਜੋ ਕਿ ਕੋਵਿਡ ਦੇ ਖਾਤਮੇ ਨੂੰ ਲੈ ਕੇ ਇਕ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੀ ਇਸ ਬੀਮਾਰੀ ’ਤੇ ਕੰਟਰੋਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਖੇਤਰਾਂ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਬਣਾਈਆਂ ਗਈਆਂ ਟੀਮਾਂ ਪਿੰਡਾਂ-ਪਿੰਡਾਂ ਵਿੱਚ ਜਾਗਰੂਕਤਾ ਦੀ ਅਲਖ ਜਗਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦੇ ਲਈ ਜ਼ਿਲ੍ਹੇ ਵਿੱਚ 135 ਟੀਮਾਂ ਬਣਾਈਆਂ ਗਈਆਂ ਹਨ ਅਤੇ ਡੋਰ ਟੂ ਡੋਰ ਹਾਈ ਰਿਸਕ ਮਰੀਜ ਦਾ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਤਾਂ ਜੋ ਸਮੇਂ ਰਹਿੰਦੇ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਾਗਰੂਕਤਾ ਵਧਣ ਨਾਲ ਪਿੰਡ ਵਾਸੀ ਕੋਵਿਡ ਬਚਾਅ ਸਬੰਧੀ ਟੀਕਾਕਰਨ ਦੇ ਲਈ ਵੀ ਅੱਗੇ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 3,61,937 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਅੱਜ ਜ਼ਿਲ੍ਹੇ ਵਿੱਚ 3546 ਲੋਕਾਂ ਦਾ ਟੀਕਾਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਦੀ 100 ਫੀਸਦੀ ਪਹਿਲੀ ਡੋਜ਼ ਲੈਣ ਵਾਲੇ ਪਿੰਡਾਂ ਦੀ ਸੰਖਿਆ ਰੋਜ ਵੱਧ ਰਹੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜ਼ਿਲ੍ਹੇ ਦੇ ਸਾਰੇ ਪਿੰਡ ਕੁਝ ਹੀ ਦਿਨਾਂ ਵਿੱਚ 100 ਫੀਸਦੀ ਟੀਕਾਕਰਨ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਦੇ ਗੜੀ ਮੱਟੋ, ਖਾਨਪੁਰ, ਸ਼ਾਹਪੁਰ, ਮੰਗਾ, ਭਟਿਆਂ ਜੱਟਾਂ, ਹਰਸੇਮਾਨਸਰ, ਧਨੋਆ, ਬੰਬੋਵਾਲ, ਗੋਲੇਰਾ, ਭੱਜਲ, ਭੱਦੋਵਾਨ, ਬੀਨੇਵਾਲ, ਮੌਜੀਪੁਰ, ਥਾਣਾ, ਬੀਰਮਪੁਰ ਤੋਂ ਇਲਾਵਾ ਸੈਂਕੜੇ ਪਿੰਡਾਂ ਵਿੱਚ ਕੋਵਿਡ ਬਚਾਅ ਸਬੰਧੀ ਜਾਗਰੂਕਤਾ ਫੈਲਾਈ ਗਈ।
ਅਪਨੀਤ ਰਿਆਤ ਨੇ ਦੱਸਿਆ ਕਿ ਸਿਹਤ ਵਿਭਾਗ, ਪੰਚਾਇਤਾਂ, ਜੀ.ਓ.ਜੀਜ, ਯੂਧ ਕਲੱਬਾਂ ਅਤੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਇਸ ਮੁਹਿੰਮ ਨੂੰ ਹੋਰ ਜ਼ਿਆਦਾ ਮਜਬੂਤੀ ਦਿੱਤੀ ਹੈ, ਜਿਸ ਦੇ ਚੱਲਦੇ ਜਿਥੇ ਜਾਗਰੂਕਤਾ ਫੈਲਾਉਣ ਵਿੱਚ ਆਸਾਨੀ ਰਹੀ ਉਥੇ ਵੱਧ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਅਤੇ ਟੈਸਟਿੰਗ ਵੀ ਕੀਤੀ ਜਾ ਰਹੀ ਹੈ।

Spread the love