ਸਿਹਤ ਵਿਭਾਗ ਨੇ ਮੈਗਾ ਰੁਜ਼ਗਾਰ ਮੇਲੇ ਵਿੱਚ ਲਗਾਇਆ ਵਿਸ਼ੇਸ਼ ਟੀਕਾਕਰਨ ਕੈਂਪ
ਨਵਾਂਸ਼ਹਿਰ, 10 ਸਤੰਬਰ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਚੱਲ ਰਹੇ ਮੈਗਾ ਰੁਜ਼ਗਾਰ ਮੇਲੇ ਵਿੱਚ ਅੱਜ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਜਸਦੇਵ ਸਿੰਘ ਸਿੰਘ ਨੇ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਮੈਗਾ ਰੁਜ਼ਗਾਰ ਮੇਲੇ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਨਾ ਤੇ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡਾ. ਸਿੰਘ ਨੇ ਅੱਗੇ ਕਿਹਾ ਕਿ ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਲਗਵਾਏ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।
ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਛੇ ਫੁੱਟ ਦਾ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਫਾਰਮੇਸੀ ਅਫ਼ਸਰ ਰਵੀਸ਼ ਕੁਮਾਰ, ਏ.ਐੱਨ.ਐੱਮ. ਮਨਜੀਤ ਕੌਰ, ਆਸ਼ਾ ਅਵਤਾਰ ਕੌਰ ਅਤੇ ਮਨਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।