ਕੋਵਿਡ ਦੀ ਤੀਜੀ ਲਹਿਰ ਦੇ ਟਾਕਰੇ ਲਈ ਜੂਨ ਦੇ ਅਖੀਰ ਤੱਕ ਡਾਕਟਰਾਂ ਨੂੰ ਸਿਖਲਾਈ ਦੇ ਦਿੱਤੀ ਜਾਵੇਗੀ-ਸੋਨੀ

ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਉਤੇ ਹੋਵੇਗੀ ਕਾਰਵਾਈ
ਅੰਮ੍ਰਿਤਸਰ, 22 ਮਈ,2021
ਕੋਵਿਡ ਦੀ ਤੀਜੀ ਸੰਭਾਵੀ ਲਹਿਰ ਅਤੇ ਇਸ ਦੇ ਬੱਚਿਆਂ ਉਪਰ ਪ੍ਰਭਾਵ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦੇ ਟਾਕਰੇ ਲਈ ਜੂਨ ਦੇ ਅੰਤ ਤੱਕ ਸਾਰੇ ਡਾਕਟਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 48 ਦੇ ਅਧੀਨ ਪੈਂਦੇ ਇਲਾਕੇ ਸ਼ੇਰਾ ਵਾਲਾ ਗੇਟ ਵਿੱਖੇ 50 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੂਰਵਾਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ।ਇਸ ਮੌਕੇ ਕੌਂਸਲਰ ਵਿਕਾਸ ਸੋਨੀ,ਕਾਂਗਰਸੀ ਨੇਤਾ ਇਕਬਾਲ ਸਿੰਘ ਸ਼ੇਰੀ, ਬਬੀ ਪਹਿਲਵਾਨ,ਰਿੰਕੂ ਮਹੇਸ਼ਵਰੀ,ਮਨਮੋਹਨ ਕੁੰਦਰਾ ਵੀ ਹਾਜ਼ਰ ਸਨ।
ਸ੍ਰੀ ਸੋਨੀ ਨੇ ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਪੈਰ ਪਸਾਰਨ ਉਤੇ ਚਿੰਤਾ ਜਾਹਰ ਕਰਦੇ ਹੋਏ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਾਰਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਢਲੀਆਂ ਦਵਾਈਆਂ ਨਾਲ ਲੈਸ ਕੀਤਾ ਜਾਵੇ ਅਤੇ ਲੱਛਣਾਂ ਵਾਲੇ ਵਿਅਕਤੀਆਂ ਦੀ ਆਰ.ਏ.ਟੀ. ਟੈਸਟਿੰਗ ਤੁਰੰਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਜਿਲ੍ਹੇ ਵਿਚ ਕੁਝ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਐਲ-2 ਸਹੂਲਤਾਂ ਲਈ ਤਿਆਰ ਕੀਤਾ ਜਾਵੇ ਜਿੱਥੇ ਆਕਸੀਜਨ ਕੰਨਸੈਂਟਰੇਟਰ ਅਤੇ ਢੁਕਵੇਂ ਇਲਾਜ ਪ੍ਰੋਟੋਕੋਲ ਸਮੇਤ ਡਾਕਟਰਾਂ ਦੀ ਵਿਵਸਥਾ ਹੋਵੇ।
ਇਸ ਪ੍ਰਕਿਰਿਆ ਵਿਚ ਸਰਪੰਚਾਂ ਨੂੰ ਸ਼ਾਮਲ ਕਰਨ ਦੀ ਲੋੜ ਉਤੇ ਜੋਰ ਦਿੰਦੇ ਹੋਏ ਸ੍ਰੀ ਸੋਨੀ ਨੇ ਟੀਕਾਕਰਨ ਵਿਚ ਉਨ੍ਹਾਂ ਸਮੇਤ ਪੰਚਾਂ ਦੇ ਨਾਲ-ਨਾਲ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਤਰਜੀਹ ਦੇਣ ਲਈ ਆਖਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਵਿਡ ਮਰੀਜਾਂ ਤੋਂ ਵੱਧ ਪੈਸੇ ਵਸੂਲ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੇ ਖਿਲਾਫ ਸਖ਼ਤ ਕਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਵੱਲੋਂ ਪੈਸੇ ਵਾਪਸ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕਰਨ ਲਈ ਆਖਿਆ। ਸ੍ਰੀ ਸੋਨੀ ਨੇ ਜ਼ੋਰ ਦੇ ਕੇ ਆਖਿਆ ਕਿ ਹਾਲਾਂਕਿ ਬੀਤੇ ਇਕ ਹਫਤੇ ਦੌਰਾਨ ਸੂਬੇ ਵਿੱਚ ਕੋਵਿਡ ਦੇ ਮਾਮਲਿਆਂ ਅਤੇ ਪਾਜ਼ੇਟਿਵਿਟੀ ਦਰ ਦੋਵਾਂ ਵਿੱਚ ਗਿਰਾਵਟ ਵੇਖੀ ਗਈ ਹੈ ਪਰ, ਇਸ ਨਾਲ ਅਵੇਸਲੇ ਹੋਣ ਦੀ ਲੋੜ ਨਹੀਂ। ਉਨ੍ਹਾਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਸਬੰਧੀ ਸਾਰੀਆਂ ਪਾਬੰਦੀਆਂ ਸ਼ਹਿਰੀ ਅਤੇ ਸਥਾਨਕ ਸਰਕਾਰ ਪੱਧਰ ਦੇ ਆਗੂਆਂ ਦਾ ਸਹਿਯੋਗ ਲੈ ਕੇ ਸਖ਼ਤੀ ਨਾਲ ਲਾਗੂ ਕਰਵਾਈਆਂ ਜਾਣ।

Spread the love