ਕੋਵਿਡ-19 ਦੇ ਪ੍ਰਕੋਪ ਤੋਂ ਬਚਣ ਲਈ ਟੀਕਾਕਰਨ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

ਸਿਹਤ ਵਿਭਾਗ ਨੇ ਕੁਸ਼ਟ ਆਸ਼ਰਮ ਨਵਾਂਸ਼ਹਿਰ ਵਿਖੇ ਕੋਵਿਡ ਰੋਕੂ ਟੀਕਾਕਰਨ ਲਈ ਲਗਾਇਆ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 11 ਅਗਸਤ 2021  ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਥਾਨਕ ਕੁਸ਼ਟ ਆਸ਼ਰਮ ਨਵਾਂਸ਼ਹਿਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 200 ਤੋਂ ਵੱਧ ਯੋਗ ਵਿਅਕਤੀਆਂ ਨੇ ਵੈਕਸੀਨ ਲਗਵਾਈ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕੁਸ਼ਟ ਆਸ਼ਰਮ ਨਵਾਂਸ਼ਹਿਰ ਵਿਖੇ ਟੀਕਾਕਰਨ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਲਗਵਾਏ। ਉਨ੍ਹਾਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਕੋਵਿਡ ਰੋਕੂ ਟੀਕਾਕਰਨ ਬਹੁਤ ਜ਼ਰੂਰੀ ਹੈ।
ਡਾ. ਕੌਰ ਨੇ ਅੱਗੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ ਮਨਦੀਪ ਕਮਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਐੱਲ.ਐੱਚ.ਵੀ ਬਲਵਿੰਦਰ ਕੌਰ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

 

Spread the love