ਸਿਹਤ ਵਿਭਾਗ ਨੇ ਮੁਜ਼ੱਫਰਪੁਰ ਵਿਖੇ ਕੋਵਿਡ ਰੋਕੂ ਟੀਕਾਕਰਨ ਲਈ ਲਗਾਇਆ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 18 ਅਗਸਤ 2021 ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਥਾਨਕ ਪਿੰਡ ਮੁਜੱਫਰਪੁਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 250 ਤੋਂ ਵੱਧ ਯੋਗ ਵਿਅਕਤੀਆਂ ਨੇ ਵੈਕਸੀਨ ਲਗਵਾਈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਪਿੰਡ ਮੁਜੱਫਰਪੁਰ ਵਿਖੇ ਟੀਕਾਕਰਨ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਲਗਵਾਏ। ਉਨ੍ਹਾਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਕੋਵਿਡ ਰੋਕੂ ਟੀਕਾਕਰਨ ਬਹੁਤ ਜ਼ਰੂਰੀ ਹੈ।
ਡਾ. ਸਿੰਘ ਨੇ ਅੱਗੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ।