ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤਾਂ ਮਤੇ ਪਾ ਕੇ ਆਪਣੇ ਪਿੰਡ ਵਿੱਚ ਪਰਾਲੀ ਫੂਕਣ ਦੇ ਮਾੜੇ ਰੁਝਾਨ ਨੂੰ ਰੋਕਣ ਦੀ ਅਪੀਲ
ਤਰਨ ਤਾਰਨ, 11 ਅਕਤੂਬਰ :
ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏ ਦਾ ਮਨੁੱਖੀ ਸਿਹਤ ਖ਼ਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉਤੇ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਕੋਵਿਡ-19 ਮਹਾਂਮਾਰੀ ਦੇ ਮੁਸ਼ਕਲ ਹਾਲਾਤ ਵਿੱਚ ਪਰਾਲੀ ਫੂਕਣ ਨਾਲ ਵਾਤਾਵਰਣ ਉਤੇ ਪੈਣ ਵਾਲਾ ਮਾੜਾ ਪ੍ਰਭਾਵ ਵੱਧ ਨੁਕਸਾਨਦੇਹ ਸਾਬਤ ਹੋਵੇਗਾ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਕਿਉਂਕਿ ਇਹ ਰੁਝਾਨ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨੂੰ ਹੋਰ ਵਿਗਾੜੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਨੂੰ ਪਰਾਲੀ ਫੂਕਣ ਦੇ ਰੁਝਾਨ ਤੋਂ ਬਿਲਕੁਲ ਮੁਕਤ ਕਰਨ ਦੀ ਅਪੀਲ ਉਤੇ ਕਈ ਪੰਚਾਇਤਾਂ ਅਣਥੱਕ ਮਿਹਨਤ ਕਰ ਰਹੀਆਂ ਹਨ ਅਤੇ ਉਨਾਂ ਨੇ ਪਰਾਲੀ ਨਾ ਫੂਕਣ ਦੇ ਮਤੇ ਪਾਸ ਕੀਤੇ ਹਨ।
ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਤੋਂ ਇਹ ਪ੍ਰਮਾਣਿਕ ਤੱਥ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨਾਂ ਕਿਹਾ ਕਿ ਇਸ ਨਾਲ ਪ੍ਰਤੀ ਏਕੜ ਝਾੜ 9 ਫ਼ੀਸਦੀ ਵਧਦਾ ਹੈ, ਜੋ ਤਕਰੀਬਨ ਦੋ ਕੁਇੰਟਲ ਬਣਦਾ ਹੈ।
ਉਹਨਾਂ ਕਿਹਾ ਕਿ ਪ੍ਰਦੂਸ਼ਣ ਦੇ ਇਸ ਖ਼ਤਰੇ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਹੂ-ਬਹੂ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਪਿੰਡ ਪੱਧਰ ਉਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਹਨ, ਜਿਹੜੇ ਇਸ ਰੁਝਾਨ ਦੇ ਮੁਕੰਮਲ ਖ਼ਾਤਮੇ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਪਰਾਲੀ ਫੂਕਣ ਦੀਆਂ ਘਟਨਾਵਾਂ ਬਾਰੇ ਵੀ ਤੁਰੰਤ ਰਿਪੋਰਟ ਦੇ ਰਹੇ ਹਨ। ਉਨਾਂ ਕਿਹਾ ਕਿ ਨੋਡਲ ਅਫ਼ਸਰ ਕਿਸਾਨਾਂ ਤੱਕ ਪਹੁੰਚ ਕਰਕੇ ਉਨਾਂ ਨੂੰ ਜਾਗਰੂਕ ਵੀ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਚਾਇਤਾਂ ਇਹ ਗੱਲ ਵੀ ਯਕੀਨੀ ਬਣਾਉਣ ਕਿ ਸਿਰਫ਼ ਐੱਸ. ਐੱਮ. ਐੱਸ. ਲੱਗੀਆਂ ਕੰਬਾਈਨਾਂ ਨਾਲ ਹੀ ਝੋਨੇ ਦੀ ਕਟਾਈ ਹੋਵੇ ਅਤੇ ਜੇ ਇਸ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ।