ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੋਵਿਡ-19 ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਆਯੋਜਿਤ
ਨਵਾਂਸ਼ਹਿਰ, 17 ਅਗਸਤ 2021 ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ।
ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੋਵਿਡ-19 ਸਮੇਤ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ 100 ਫੀਸਦੀ ਪੂਰਾ ਕਰਨ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਜਣੇਪਾ ਨਾਲ ਸਬੰਧਤ ਕਈ ਤਰ੍ਹਾਂ ਦੇ ਜ਼ੋਖਮਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐੱਨ.ਸੀ. ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਉੱਤੇ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਡਾ. ਕੌਰ ਨੇ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਊਸ਼ਾ ਕਿਰਨ, ਡਾ ਹਰਬੰਸ ਸਿੰਘ, ਡਾ ਗੁਰਵਿੰਦਰ ਸਿੰਘ, ਡਾ ਕਵਿਤਾ ਭਾਟੀਆ, ਡਾ. ਮਨਦੀਪ ਕਮਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।