ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਆਯੋਜਿਤ

— ਰਾਜ ਨੂੰ ਪ੍ਰਦੂਸ਼ਣ ਮੁਕਤ ਅਤੇ ਕੈਮਿਕਲ ਮੁਕਤ ਖੇਤੀ ਕਰਨ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ – ਭੁੱਲਰ

ਫਿਰੋਜ਼ਪੁਰ, 13 ਅਕਤੂਬਰ 2023:

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਮੁੱਖ ਮਹਿਮਾਨ ਅਤੇ ਡਾਇਰੈਕਟਰ ਕੇ.ਵੀ.ਕੇ ਫਾਜ਼ਿਲਕਾ ਡਾ. ਅਰਵਿੰਦ ਕੁਮਾਰ ਅਤੇ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਸ੍ਰੀ ਅਮਨਦੀਪ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਇਸ ਉਪਜਾਊ ਪੰਜਾਬ ਨੂੰ ਤਬਾਹੀ ਤੋਂ ਬਚਾਉਣ ਲਈ ਅਸੀਂ ਸਾਰੇ ਰਲ ਮਿਲ ਕੇ ਹੰਭਲਾ ਮਾਰੀਏ ਤਾਂ ਜੋ ਸੂਬੇ ਦੀ ਉਪਜਾਊ ਸ਼ਕਤੀ ਨੂੰ ਖਤਮ ਹੋਣ ਤੋਂ ਬਚਾਇਆ ਜਾਵੇ। ਇਸ ਵਿੱਚ ਸਭ ਤੋਂ ਮਹੱਤਵਪੂਰਨ ਯੋਗਦਾਨ ਸੂਬੇ ਦੇ ਕਿਸਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸਨੂੰ ਖੇਤ ਵਿੱਚ ਹੀ ਮਿਲਾਉਣ ਤਾਂ ਜੋ ਇਸਦੇ ਜੈਵਿਕ ਤੱਤ ਬਚੇ ਰਹਿਣ ਅਤੇ ਲੋਕਾਂ ਨੂੰ ਸ਼ੁਧ ਵਾਤਾਵਰਨ ਮਿਲੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾਂਭਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਕਿਸਾਨ ਪਰਾਲੀ ਦਾ ਸੁੱਚਝੇ ਢੰਗ ਨਾਲ ਨਿਪਟਾਰਾ ਕਰ ਸਕਣ।

ਇਸ ਮੌਕੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਕੇ.ਵੀ.ਕੇ. ਕੋਲ ਉਪਲੱਬਧ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਉਨ੍ਹਾਂ ਕਿਸਾਨ ਵੀਰਾਂ ਨੂੰ ਆਪਣੀ ਧਰਤੀ, ਪੌਣ, ਪਾਣੀ ਅਤੇ ਮਿੱਟੀ ਦੀ ਸੰਭਾਲ ਲਈ ਅੱਗੇ ਆਉਣ ਲਈ ਕਿਹਾ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਮੱਕੜ ਨੇ ਹਾਜ਼ਰ ਕਿਸਾਨਾਂ ਨੂੰ ਅਤੇ ਝੋਨੇ ਦੇ ਬੀਜਾਂ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਆਉਣ ਵਾਲੀਆਂ ਹਾੜ੍ਹੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਪੀ.ਏ.ਯੂ. ਵੱਲੋਂ ਵਿਕਸਿਤ ਮਸ਼ੀਨਰੀ ਬਾਰੇ ਵੀ ਚਾਨਣਾ ਪਾਇਆ ਗਿਆ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ, ਬਾਗਬਾਨੀ ਵਿਭਾਗ ਜਲੰਧਰ, ਇਫਕੋ ਜਲੰਧਰ ਅਤੇ ਹੋਰ ਸਰਕਾਰੀ ਵਿਭਾਗਾਂ ਵੱਲੋਂ ਖੇਤੀਬਾੜੀ ਅਤੇ ਪਰਾਲੀ ਪ੍ਰਬੰਧਨ ਆਦਿ ਸੰਬੰਧੀ 40 ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਪੀ.ਏ.ਯੂ. ਤੋਂ ਆਏ ਵੱਖ-ਵੱਖ ਵਿਸ਼ੇ ਦੇ ਮਾਹਿਰਾਂ ਡਾ. ਕਮਲਜੀਤ ਸਿੰਘ ਕੀਟ ਵਿਗਿਆਨੀ, ਡਾ. ਸੁਰੇਸ਼ ਜਿੰਦਲ ਸਬਜੀ ਮਾਹਿਰ, ਡਾ. ਅਮਰਜੀਤ ਸਿੰਘ ਪ੍ਰੋਫੈਸਰ ਪੌਦ ਸੁਰੱਖਿਆ ਵੱਲੋਂ ਤਕਨੀਕੀ ਜਾਣਕਾਰੀ ਮੁੱਖ ਪੰਡਾਲ ਤੋਂ ਪ੍ਰਦਾਨ ਕੀਤੀ ਗਈ। ਇਸ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ, ਖੇਤੀ ਵਿੰਭਿਨਤਾ ਅਤੇ ਸਹਾਇਕ ਕਿੱਤਿਆਂ ਵਿਚ ਅਗਾਂਹਵੱਧੂ 72 ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਡਾ. ਗੁਰਪ੍ਰੀਤ ਸਿੰਘ ਮੱਕੜ ਵੱਲੋਂ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬਲਰਾਜ ਸਿੰਘ ਕਟੋਰਾ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਆਈ.ਸੀ.ਏ.ਆਫ ਡਾ. ਘਰਵਿੰਦਰ ਸਿੰਘ, ਬਾਗਬਾਨੀ ਅਫਸਰ ਡਾ. ਸਿਮਰਨ,  ਐਲ.ਡੀ.ਐਮ ਸ੍ਰੀਮਤੀ ਗੀਤਾ ਮਹਿਤਾ, ਏ.ਜੀ.ਐੱਮ. ਨਬਾਰਡ ਸ਼੍ਰੀਮਤੀ ਸਵੀਤਾ, ਡਿਪਟੀ ਰਜਿਸਟਰਾਰ ਡਿਪਾਰਮੈਂਟ ਆਫ ਕੋਆਪਰੇਟਿਵ ਮੈਡਮ ਸੱਭਿਆ ਸ਼ਰਮਾ, ਪੀ.ਡੀ. ਆਤਮਾ ਸ਼੍ਰੀ ਸਾਵਨਦੀਪ ਸ਼ਰਮਾ, ਹਿਮਾਂਸ਼ੂ ਠੱਕਰ ਆਦਿ ਹਾਜ਼ਰ ਸਨ।