ਘੱਟ ਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ-ਚੇਅਰਮੈਨ ਇੰਮਾਨੂਏਲ ਨਾਹਰ

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਅਧਿਕਾਰੀਆਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ
ਘੱਟ ਗਿਣਤੀ ਭਾਈਚਾਰੇ ਦੀਆਂ ਕਬਰਿਸਤਾਨਾਂ, ਵਜੀਫ਼ਿਆਂ ਅਤੇ ਪੈਨਸ਼ਨਾਂ ਆਦਿ ਬਾਰੇ ਸੁਣੀਆਂ ਮੁਸ਼ਕਲਾਂ
ਨਵਾਂਸ਼ਹਿਰ, 10 ਸਤੰਬਰ 2021 ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂਏਲ ਨਾਹਰ ਨੇ ਅੱਜ ਕਿਹਾ ਕਿ ਘੱਟ ਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਨਾਹਰ ਨੇ ਕਿਹਾ ਕਿ ਇਸਾਈ ਅਤੇ ਮੁਸਲਿਮ ਭਾਈਚਾਰੇ ਦੀਆਂ ਕਬਰਿਸਤਾਨਾਂ, ਵਜੀਫ਼ਿਆਂ, ਸਰਟੀਫਿਕੇਟਾਂ ਅਤੇ ਪੈਨਸ਼ਨਾਂ ਆਦਿ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਹਦਾਇਤ ਕੀਤੀ ਕਿ ਪਿੰਡ ਮੇਹਲੀ, ਜੰਡਿਆਲੀ ਅਤੇ ਚਰਾਣ ਵਿਖੇ ਕਬਰਿਸਤਾਨਾਂ ਦਾ ਮਸਲਾ ਇਕ ਮਹੀਨੇ ਦੇ ਅੰਦਰ-ਅੰਦਰ ਹੱਲ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਕਿਸੇ ਨੂੰ ਵੀ ਕਬਰਿਸਤਾਨਾਂ ਦੀ ਨਿਗਰਾਨੀ ਘੱਟ ਗਿਣਤੀ ਕਮਿਸ਼ਨ ਰਾਹੀਂ ਗਠਿਤ ਕਮੇਟੀ ਕਰੇਗੀ ਅਤੇ ਕਿਸੇ ਨੂੰ ਵੀ ਇਨਾਂ ਸਬੰਧੀ ਅਜਾਰੇਦਾਰੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ੳੋੁਨਾਂ ਹਦਾਇਤ ਕੀਤੀ ਕਿ ਕਬਰਿਸਤਾਨਾਂ ਜਾਂ ਚਰਚ ਦੀ ਜਗਾ ’ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਸਹਿਣਯੋਗ ਨਹੀਂ ਹਨ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਮੀਟਿੰਗ ਦੌਰਾਨ ਭਾਈਚਾਰੇ ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿਨਾਂ ਨੂੰ ਚੇਅਰਮੈਨ ਨੇ ਅਧਿਕਾਰੀਆਂ ਨੂੰ ਢੁਕਵੀਂ ਕਾਰਵਾਈ ਅਮਲ ਵਿਚ ਲਿਆਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕਮਿਸ਼ਨ ਪੂਰੀ ਤਰਾਂ ਗੰਭੀਰ ਹੈ ਅਤੇ ਇਸ ਮਾਮਲੇ ਵਿਚ ਪ੍ਰਸ਼ਾਸਨਿਕ ਪੱਧਰ ’ਤੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਐਸ. ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਬਲਜਿੰਦਰ ਸਿੰਘ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਭਲਾਈ ਅਫ਼ਸਰ ਆਸ਼ੀਸ਼ ਕਥੂਰੀਆ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।
ਕੈਪਸ਼ਨ :-ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂਏਲ ਨਾਹਰ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਤੇ ਹੋਰ ਅਧਿਕਾਰੀ।

Spread the love