ਨਵਾਂਸ਼ਹਿਰ, 21 ਮਈ, 2021 :
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਦੀਆਂ ਜਾਇਦਾਦਾਂ ਦਾ ਮਾਲ ਵਿਭਾਗ ਵੱਲੋਂ ਰਿਕਾਰਡ ਤਿਆਰ ਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਜੰਗੀ ਪੱਧਰ ’ਤੇ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਸ ਨਾਲ ਅਨੁਸੂਚਿਤ ਜਾਤੀ ਵਰਗ ਦੇ ਗ਼ਰੀਬ ਪਰਿਵਾਰਾਂ ਨੂੰ ਸਵੈ-ਰੁਜ਼ਗਾਰ ਸਥਾਪਿਤ ਕਰਨ ਵਿਚ ਵੱਡੀ ਮਦਦ ਮਿਲੇਗੀ। ਉਨਾਂ ਕਿਹਾ ਕਿ ਇਸ ਤਰਾਂ ਉਹ ਕਾਰਪੋਰੇਸ਼ਨ ਪਾਸੋਂ ਸਰਕਾਰ ਦੀਆਂ ਸਕੀਮਾਂ ਅਧੀਨ ਆਪਣੀ ਰਿਹਾਇਸ਼ੀ ਜਾਇਦਾਦ ਦੀ ਜਾਮਨੀ ਦੇ ਕੇ ਕਰਜ਼ੇ ਪ੍ਰਾਪਤ ਕਰ ਕੇ ਆਪਣਾ ਸਵੈ-ਰੁਜ਼ਗਾਰ ਸਥਾਪਿਤ ਆਪਣੇ ਪਰਿਵਾਰਾ ਦਾ ਜੀਵਨ ਪੱਧਰ ਉੱਚਾ ਚੁੱਕ ਸਕਣਗੇ।