ਜਲਾਲਾਬਾਦ, 23 ਅਕਤੂਬਰ 2024
ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੱਲ ਰਹੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਐਸ.ਡੀ.ਐਮ. ਜਲਾਲਾਬਾਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਪਿੰਡ-ਪਿੰਡ ਪਹੁੰਚ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਅੱਜ ਮਾਹਮੂ ਜੋਈਆਂ ਪਿੰਡ ਦੇ ਸਕੂਲ ਵਿੱਚ ਪਹੁੰਚ ਕੇ ਸਕੂਲੀ ਬੱਚਿਆਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ । ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਬਾਰੇ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਰਲਾਇਆ ਜਾਵੇ, ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇਗੀ ਅਤੇ ਜੈਵਿਦ ਮਾਦਾ ਵੀ ਬਰਕਰਾਰ ਰਹੇਗਾ। ਉਨ੍ਹਾਂ ਸਕੂਲੀ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਣ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਰਲਾਉਣ ਨਾਲ ਹੋਣ ਵਾਲੇ ਲਾਭਾਂ ਬਾਰੇ ਜਾਣਕਾਰੀ ਦੇਣ।